ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਪ੍ਰਤੀ ਲੋਕਾਂ 'ਚ ਭਾਰੀ ਉਤਸਾਹ: ਢਿੱਲੋਂ
ਮਲਕੀਤ ਸਿੰਘ ਮਲਕਪੁਰ
ਲਾਲੜੂ 10 ਦਸੰਬਰ 2025: ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰਾਂ ਦੀ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਅੱਜ ਤੋਗਾਂ ਪੁਰ, ਆਂਗਾਂ ਪੁਰ, ਭਗਵਾਸੀ, ਤੋਫਾ ਪੁਰ, ਜਵਾਹਰ ਪੁਰ ਸਮੇਤ ਕਈ ਪਿੰਡਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ.ਢਿੱਲੋਂ ਨੇ ਕਿਹਾ ਕਿ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰਾਂ ਪ੍ਰਤੀ ਲੋਕਾਂ ਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਤੇ ਇਸ ਵਾਰ ਦੀਆਂ ਬਲਾਕ ਸੰਮਤੀ ਚੋਣਾਂ ਵਿੱਚ ਸਿਰਫ ਕਾਂਗਰਸ ਪਾਰਟੀ ਦੇ ਉਮੀਦਵਾਰ ਹੀ ਜਿੱਤ ਦਰਜ ਕਰਨਗੇ। ਸ. ਢਿੱਲੋਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਕਾਂਗਰਸ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਜੋ ਕੰਮ ਕੀਤੇ ਹਨ ਉਹ ਇਤਿਹਾਸਕ ਹਨ ਅਤੇ ਹੁਣ ਲੋਕ ਜਾਣ ਚੁੱਕੇ ਹਨ ਕਿ ਅਸਲ ਵਿਕਾਸ ਕੌਣ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਨੂੰ ਰੱਦ ਕਰ ਚੁੱਕੇ ਹਨ ਅਤੇ ਲੋਕ ਵੱਡੀ ਗਿਣਤੀ ਕਾਂਗਰਸ ਪਾਰਟੀ ਨਾਲ ਜੁੜ ਰਹੇ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਦੇ ਸਾਰੇ ਕਾਂਗਰਸੀ ਉਮੀਦਵਾਰਾਂ ਨੂੰ ਵੋਟ ਪਾ ਕੇ ਇਹ ਸਾਬਤ ਕਰ ਦੇਣ ਕਿ ਉਹ ਵਿਕਾਸ ਅਤੇ ਲੋਕਪੱਖੀ ਰਾਜਨੀਤੀ ਦੇ ਨਾਲ ਖੜ੍ਹੇ ਹਨ। ਦੀਪਇੰਦਰ ਢਿੱਲੋਂ ਨੇ ਆਪਣੀ ਮੁਹਿੰਮ ਦੌਰਾਨ ਵਾਅਦਾ ਕੀਤਾ ਕਿ ਬਲਾਕ ਸੰਮਤੀ ਵਿੱਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਤੋਂ ਬਾਅਦ ਕਾਂਗਰਸ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਤੱਕ ਸਹੂਲਤਾਂ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਬਾਰੇ ਦੱਸਣ ਤਾਂ ਜੋ ਲੋਕ ਕਾਂਗਰਸੀ ਪਾਰਟੀ ਦੇ ਹੱਕ ਵਿੱਚ ਭੁਗਤ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਮੀਦਵਾਰ, ਸਥਾਨਕ ਆਗੂ ਅਤੇ ਕਾਂਗਰਸ ਦੇ ਸਮਰਥਕ ਹਾਜ਼ਰ ਸਨ।