ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ High Alert ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ 2025:ਸ੍ਰੀ ਗੌਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ. ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਸ੍ਰੀ ਅਭਿਮੰਨਿਊ ਰਾਣਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇਸੇ ਤਹਿਤ ਅੱਜ ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਚੋਣ ਡਿਊਟੀ ’ਤੇ ਤਾਇਨਾਤ ਫੋਰਸ ਨੂੰ ਵਿਸਥਾਰ ਨਾਲ ਬ੍ਰੀਫ਼ ਕੀਤਾ ਗਿਆ। ਪੈਟਰੋਲਿੰਗ ਪਾਰਟੀਆਂ ਨੂੰ ਵਾਇਰਲੈਸ ਸੈੱਟ ਜਾਰੀ ਕਰਕੇ ਆਪਣੇ-ਆਪਣੇ ਨਿਰਧਾਰਤ ਖੇਤਰਾਂ ਵੱਲ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਹਰਕਮਲ ਕੌਰ, ਐਸ.ਪੀ (ਐਚ), ਸ੍ਰੀ ਤਜਿੰਦਰ ਪਾਲ ਸਿੰਘ ਡੀਐਸਪੀ (ਐਚ) ਵੀ ਮੌਜੂਦ ਸਨ।
ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 334 ਪੋਲਿੰਗ ਸਟੇਸ਼ਨ ਅਤੇ 629 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਬਣਾਉਣ ਲਈ ਜ਼ਿਲ੍ਹੇ ਅੰਦਰ ਇੰਟਰ-ਡਿਸਟਰਿਕਟ, ਇੰਟਰ-ਸਟੇਟ ਅਤੇ ਅੰਦਰੂਨੀ ਨਾਕਿਆਂ ਸਮੇਤ ਪੋਲਿੰਗ ਬੂਥਾਂ ਦੇ ਆਲੇ-ਦੁਆਲੇ ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕੁੱਲ ਮਿਲਾ ਕੇ 1800 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ’ਤੇ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਵਾਧੂ ਫੋਰਸ, ਗਸ਼ਤ ਟੀਮਾਂ ਅਤੇ ਖ਼ਾਸ ਨਿਗਰਾਨੀ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ 24 ਘੰਟੇ ਲੋਕਾਂ ਦੀ ਸਹਾਇਤਾ ਲਈ ਤਿਆਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹੋਟਲਾਂ ਦੀ ਵਿਸ਼ੇਸ਼ ਚੈਕਿੰਗ
ਚੋਣਾਂ ਦੇ ਮੱਦੇਨਜ਼ਰ ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਅਪਰਾਧੀ ਤੱਤਾਂ ਦੀ ਆਵਾਜਾਈ ’ਤੇ ਨਿਗਰਾਨੀ ਰਹੇ ਅਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਬਣੀ ਰਹੇ।ਇਸ ਮੌਕੇ ਐਸ.ਐਸ.ਪੀ ਵੱਲੋਂ ਚੋਣ ਡਿਊਟੀ ’ਤੇ ਤਾਇਨਾਤ ਸਾਰੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਪੂਰੀ ਨਿਰਪੱਖਤਾ, ਅਨੁਸ਼ਾਸਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਜਨਤਾ ਨਾਲ ਨਿਮਰਤਾ ਤੇ ਸਮਝਦਾਰੀ ਨਾਲ ਪੇਸ਼ ਆਇਆ ਜਾਵੇ।
ਐਸ.ਐਸ.ਪੀ ਨੇ ਸਪਸ਼ਟ ਕੀਤਾ ਕਿ ਪੋਲਿੰਗ ਸਟੇਸ਼ਨਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕੜੇ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ, ਦਬਾਅ ਜਾਂ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹੁਕਮ ਦਿੱਤੇ ਕਿ ਸਾਰੇ ਪੁਲਿਸ ਕਰਮਚਾਰੀ ਆਪਣੇ ਪ੍ਰੀਜ਼ਾਈਡਿੰਗ ਅਫਸਰਾਂ ਨਾਲ ਤਾਲਮੇਲ ਰੱਖਣ, ਸਮੇਂ ਦੀ ਪਾਬੰਦੀ ਨਾਲ ਡਿਊਟੀ ਨਿਭਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣ।
ਅੰਤਰਰਾਜੀ ਸਰਹੱਦਾਂ ’ਤੇ ਸਖ਼ਤ ਨਾਕਾਬੰਦੀ
ਪੰਜਾਬ-ਹਰਿਆਣਾ ਅਤੇ ਪੰਜਾਬ-ਰਾਜਸਥਾਨ ਸਰਹੱਦਾਂ ’ਤੇ ਗੁਆਂਢੀ ਰਾਜਾਂ ਦੀ ਪੁਲਿਸ ਨਾਲ ਸਹਿਯੋਗ ਕਰਦੇ ਹੋਏ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਗੈਰ-ਕਾਨੂੰਨੀ ਸ਼ਰਾਬ, ਸ਼ੱਕੀ ਗਤੀਵਿਧੀਆਂ ਅਤੇ ਬਾਹਰੀ ਅਨਸਰਾਂ ਦੀ ਆਵਾਜਾਈ ਨੂੰ ਰੋਕਿਆ ਜਾ ਸਕੇ।
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਨਿਡਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ। ਜੇਕਰ ਕੋਈ ਵਿਅਕਤੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਕੋਈ ਸ਼ੱਕੀ ਜਾਣਕਾਰੀ ਹੋਵੇ ਤਾਂ ਪੁਲਿਸ ਹੈਲਪਲਾਈਨ ਨੰਬਰ 80549-42100 ’ਤੇ ਤੁਰੰਤ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।