ਹਲਕਾ ਸਨੌਰ 'ਚ ਆਜ਼ਾਦ ਉਮੀਦਵਾਰਾਂ ਦੀ ਹੋਵੇਗੀ ਝੰਡੀ: ਚੰਦੂਮਾਜਰਾ ਦਾ ਦਾਅਵਾ
ਪਟਿਆਲਾ 13 ਦਸੰਬਰ 2025 - ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਲਕਾ ਸਨੌਰ ਦੇ ਵੋਟਰਾਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੱਧ ਚੜ੍ਹਕੇ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਵੋਟ ਪਾਉਣ ਸਮੇਂ ਕਿਸੇ ਵੀ ਅਧਿਕਾਰੀ ਜਾਂ ਸੱਤਾਧਾਰੀ ਤੋ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਗੁੰਡਾਗਰਦੀ ਦਾ ਜਵਾਬ ਹਲਕੇ ਤੇ ਲੋਕ ਵੋਟ ਦੇ ਰੂਪ ਵਿੱਚ ਜ਼ਰੂਰ ਦੇਣਗੇ। ਸਾਬਕਾ ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਸਨੌਰ ਦੀ ਅਵਾਮ ਆਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਨਾਮਜ਼ਦਗੀਆਂ ਤੋਂ ਲੈਕੇ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਚੋਣਾਂ ਵਿੱਚ ਹੋ ਰਹੀ ਬੁਰੀ ਤਰ੍ਹਾਂ ਹਾਰ ਦੀ ਬੁਖਲਾਹਟ ਦਾ ਨਤੀਜਾ ਹੈ। ਉਨ੍ਹਾਂ ਰਾਜ ਚੋਣ ਕਮਿਸ਼ਨ ਨੂੰ ਵੀ ਬੂਥਾਂ ਉੱਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਅਧਿਕਾਰੀ ਜਾਂ ਵਿਅਕਤੀ ਆਪਣਾ ਸਿਆਸੀ ਪ੍ਰਭਾਵ ਰਾਹੀਂ ਵੋਟਰਾਂ ਨੂੰ ਲੁਭਾ ਨਾ ਸਕੇ।