ਬਠਿੰਡਾ ਜ਼ਿਲ੍ਹੇ ਦੀਆਂ ਪੋਲਿੰਗ ਪਾਰਟੀਆਂ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ
ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, 17 ਦਸੰਬਰ ਨੂੰ ਹੋਵੇਗੀ ਗਿਣਤੀ
ਅਸ਼ੋਕ ਵਰਮਾ
ਬਠਿੰਡਾ, 13 ਦਸੰਬਰ 2025 : ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਪੈਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਪਾਰਦਰਸ਼ੀ, ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ 8 ਬਲਾਕ (ਬਠਿੰਡਾ, ਮੋੜ, ਰਾਮਪੁਰਾ, ਤਲਵੰਡੀ ਸਾਬੋ, ਗੋਨਿਆਣਾ, ਨਥਾਣਾ, ਫੂਲ ਅਤੇ ਸੰਗਤ)
ਲਈ ਸਾਰੀਆਂ ਪੋਲਿੰਗ ਪਾਰਟੀਆਂ ਅੱਜ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ ਹੋ ਗਈਆਂ। ਇਹਨਾਂ ਚੋਣਾਂ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹਰ ਪੱਧਰ ’ਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ 14 ਦਸੰਬਰ 2025 ਨੂੰ ਵੋਟਿੰਗ ਸਵੇਰੇ 8 ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਰਾਂ ਦੀ ਸੁਵਿਧਾ ਅਤੇ ਸੁਰੱਖਿਆ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਬੁਨਿਆਦੀ ਸਹੂਲਤਾਂ, ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਚੋਣ ਅਮਲੇ ਦੀ ਪੂਰੀ ਤਿਆਰੀ ਯਕੀਨੀ ਬਣਾਈ ਗਈ ਹੈ ਤਾਂ ਜੋ ਵੋਟਿੰਗ ਪ੍ਰਕਿਰਿਆ ਸੁਚੱਜੀ ਢੰਗ ਨਾਲ ਸੰਪੰਨ ਹੋ ਸਕੇ। ਉਹਨਾਂ ਇਹ ਵੀ ਕਿਹਾ ਕਿ 17 ਦਸੰਬਰ ਨੂੰ ਇਹਨਾਂ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਵੀ ਉਸੇ ਦਿਨ ਹੀ ਘੋਸ਼ਿਤ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਵੱਲੋਂ ਕੁੱਲ 1812 ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨਾਂ ਵੱਲੋਂ ਸਮੇਂ-ਸਮੇਂ 'ਤੇ ਬਣਾਏ ਗਏ 826 ਪੋਲਿੰਗ ਬੂਥਾਂ ਉੱਤੇ ਜਾ ਕੇ ਵਿਸ਼ੇਸ਼ ਨਜ਼ਰਸਾਨੀ ਰੱਖੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣੇ ਲੋਕਤੰਤਰਿਕ ਅਧਿਕਾਰ ਦਾ ਪ੍ਰਯੋਗ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ।