ਬਸੰਤ ਪੰਚਮੀ ਤੋਂ ਪਹਿਲਾਂ ਹੀ ਖੰਨਾ ਪੁਲਿਸ ਦਾ ਵੱਡਾ ਐਕਸ਼ਨ
ਚਾਈਨਾ ਡੋਰ ਵਿਰੁੱਧ ਮੁਹਿੰਮ ਤਹਿਤ 40 ਗੱਟੂ ਸਮੇਤ ਮੁਲਜ਼ਮ ਗ੍ਰਿਫ਼ਤਾਰ
ਰਵਿੰਦਰ ਸਿੰਘ
ਖੰਨਾ, 21 ਦਸੰਬਰ 2025: ਖੰਨਾ ਪੁਲਿਸ ਨੇ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਚਾਈਨਾ ਡੋਰ ਵਿਰੁੱਧ ਬਸੰਤ ਪੰਚਮੀ ਤੋਂ ਕਾਫ਼ੀ ਸਮਾਂ ਪਹਿਲਾਂ ਹੀ ਇੱਕ ਵਿਸ਼ੇਸ਼ ਅਤੇ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਪਹਿਲੀ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ ਨਾਲ ਗੈਰ-ਕਾਨੂੰਨੀ ਤੌਰ ’ਤੇ ਚਾਈਨਾ ਡੋਰ ਵੇਚਣ ਵਾਲਿਆਂ ਵਿੱਚ ਹੜਕੰਪ ਮਚ ਗਿਆ ਹੈ। ਇਹ ਕਾਰਵਾਈ ਐਸਐਸਪੀ ਡਾ. ਜੋਤੀ ਯਾਦਵ ਬੈਂਸ (ਆਈਪੀਐਸ) ਦੇ ਸਪੱਸ਼ਟ ਅਤੇ ਸਖ਼ਤ ਨਿਰਦੇਸ਼ਾਂ ’ਤੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਡੀਐਸਪੀ ਵਿਨੋਦ ਕੁਮਾਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਐਸਐਸਪੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਹਾਦਸਾ ਨਾ ਵਾਪਰੇ। ਡੀਐਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਇਸੇ ਮੁਹਿੰਮ ਦੇ ਤਹਿਤ ਸਦਰ ਪੁਲਿਸ ਸਟੇਸ਼ਨ, ਖੰਨਾ ਦੀ ਟੀਮ ਨੇ ਖਾਸ ਸੂਚਨਾ ਦੇ ਆਧਾਰ ’ਤੇ ਮਾਜਰੀ ਸੰਦੀਪ ਕਲੋਨੀ ਖੇਤਰ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਪਛਾਣ ਰਾਜੇਸ਼ ਕੁਮਾਰ, ਵਸਨੀਕ ਸੰਦੀਪ ਕਲੋਨੀ ਮਾਜਰੀ ਵਜੋਂ ਹੋਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਫ਼ੀ ਸਮੇਂ ਤੋਂ ਗੈਰ-ਕਾਨੂੰਨੀ ਤੌਰ ’ਤੇ ਚਾਈਨਾ ਡੋਰ ਵੇਚਣ ਦੇ ਧੰਦੇ ਨਾਲ ਜੁੜਿਆ ਹੋਇਆ ਸੀ ਅਤੇ ਬਸੰਤ ਪੰਚਮੀ ਤੋਂ ਪਹਿਲਾਂ ਵੱਡੀ ਮਾਤਰਾ ਵਿੱਚ ਡੋਰ ਵੇਚਣ ਦੀ ਤਿਆਰੀ ਕਰ ਰਿਹਾ ਸੀ। ਸਦਰ ਥਾਣਾ ਦੇ ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਏਐਸਆਈ ਅਮਰਜੀਤ ਸਿੰਘ ਨੂੰ ਇੱਕ ਭਰੋਸੇਯੋਗ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਰਾਜੇਸ਼ ਕੁਮਾਰ ਮਾਜਰੀ ਸੰਦੀਪ ਕਲੋਨੀ ਦੇ ਖਾਲੀ ਪਲਾਟਾਂ ਵਿੱਚ ਪਲਾਸਟਿਕ ਦੇ ਥੈਲਿਆਂ ਅੰਦਰ ਵੱਡੀ ਮਾਤਰਾ ਵਿੱਚ ਚਾਈਨਾ ਡੋਰ ਲੁਕਾ ਕੇ ਰੱਖੀ ਹੋਈ ਹੈ ਅਤੇ ਉਥੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ ਚਾਈਨਾ ਡੋਰ ਦੇ 40 ਗੱਟੂ ਬਰਾਮਦ ਹੋਏ। ਪੁਲਿਸ ਨੇ ਤੁਰੰਤ ਡੋਰ ਨੂੰ ਜ਼ਬਤ ਕਰ ਲਿਆ ਅਤੇ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਡੀਐਸਪੀ ਵਿਨੋਦ ਕੁਮਾਰ ਨੇ ਕਿਹਾ ਕਿ ਚਾਈਨਾ ਡੋਰ ਬੇਹੱਦ ਖ਼ਤਰਨਾਕ ਹੁੰਦੀ ਹੈ, ਜਿਸ ਨਾਲ ਹਰ ਸਾਲ ਕਈ ਨਿਰਦੋਸ਼ ਲੋਕ ਜ਼ਖ਼ਮੀ ਹੋ ਜਾਂਦੇ ਹਨ ਅਤੇ ਕਈ ਵਾਰ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ। ਖ਼ਾਸ ਕਰਕੇ ਦੋਪਹੀਆ ਵਾਹਨ ਚਾਲਕ, ਪੈਦਲ ਯਾਤਰੀ ਅਤੇ ਬੱਚੇ ਇਸ ਦਾ ਆਸਾਨੀ ਨਾਲ ਸ਼ਿਕਾਰ ਬਣ ਜਾਂਦੇ ਹਨ। ਇਸੇ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਚਾਈਨਾ ਡੋਰ ਵੇਚਣ ਜਾਂ ਵਰਤਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਖੰਨਾ ਪੁਲਿਸ ਦੀ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
ਅੰਤ ਵਿੱਚ ਡੀਐਸਪੀ ਵਿਨੋਦ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਜੇਕਰ ਕਿਤੇ ਵੀ ਇਸਦੀ ਵਿਕਰੀ ਜਾਂ ਸਟੋਰ ਕਰਨ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਖੰਨਾ ਪੁਲਿਸ ਜ਼ਿਲ੍ਹੇ ਨੂੰ ਸੁਰੱਖਿਅਤ ਅਤੇ ਹਾਦਸਾ-ਰਹਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।