ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਮੁਕਤਸਰ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਸਰਚ ਅਭਿਆਨ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ , ਦਸੰਬਰ 2025 : ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਨਤਕ ਸੁਰੱਖਿਆ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਅਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਲੋਕਾਂ ਵਿੱਚ ਸਦਭਾਵਨਾ ਬਣਾਈ ਰੱਖਣ ਦੇ ਲਈ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ। ਇਹ ਸਰਚ ਅਭਿਆਨ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ — ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਇਆ ਗਿਆ। ਇਸ ਮੌਕੇ ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਸ੍ਰੀ ਅੰਗਰੇਜ਼ ਸਿੰਘ ਡੀ.ਐਸ.ਪੀ. (ਮਲੋਟ), ਸ੍ਰੀ ਰਸ਼ਪਾਲ ਸਿੰਘ ਡੀ.ਐਸ.ਪੀ. (ਗਿੱਦੜਬਾਹਾ) ਅਤੇ ਸ੍ਰੀ ਹਰਜੀਤ ਸਿੰਘ ਡੀ.ਐਸ.ਪੀ. (ਲੰਬੀ) ਵੱਲੋਂ ਪੁਲਿਸ ਕਰਮਚਾਰੀਆਂ ਸਮੇਤ ਜਿਲ੍ਹਾ ਦੀਆਂ ਚਾਰੇ ਸਬ-ਡਵੀਜਨਾਂ ਦੇ ਰੇਲਵੇ ਸਟੇਸ਼ਨਾਂ ਪਰ ਸਰਚ ਓਪਰੇਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਸਰਚ ਅਪਰੇਸ਼ਨ ਵਿੱਚ 220 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ।
ਓਪਰੇਸ਼ਨ ਦੇ ਮੁੱਖ ਪਹਿਲੂ
1. ਰੇਲਵੇ ਸਟੇਸ਼ਨਾਂ ਵਿਖੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਤਲਾਸ਼ੀ ਕੀਤੀ ਗਈ।
2. PAIS ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ।
3. VAHAN ਐਪ ਰਾਹੀਂ ਪਾਰਕਿੰਗ ‘ਚ ਖੜ੍ਹੇ ਵਾਹਨਾਂ ਦੀ ਪੁਸ਼ਟੀ ਕੀਤੀ ਗਈ।
4. ਐਂਟੀ-ਸਾਬੋਟਾਜ਼ ਟੀਮਾਂ ਵੱਲੋਂ ਰੇਲਵੇ ਪਲੇਟਫਾਰਮ, ਵੇਟਿੰਗ ਹਾਲ, ਟਿਕਟ ਘਰ, ਪਾਰਕਿੰਗ ਅਤੇ ਸਟੇਸ਼ਨ ਦੇ ਆਲੇ ਦੁਆਲੇ ਇਲਾਕਿਆਂ ਦੀ ਤਲਾਸ਼ੀ ਕੀਤੀ ਗਈ।
5. ਸਟੇਸ਼ਨ ਉੱਤੇ ਮੌਜੂਦ ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ।
ਐਸ.ਐਸ.ਪੀ., ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੁਲਿਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਜਿਹੇ ਸਰਚ ਅਪਰੇਸ਼ਨ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਦੋਂ ਲੋਕ ਪੁਲਿਸ ਨਾਲ ਮਿਲ ਕੇ ਕੰਮ ਕਰਦੇ ਹਨ, ਤਾਂ ਸਮਾਜ ਵਿੱਚ ਅਸਲ ਤਬਦੀਲੀ ਆਉਂਦੀ ਹੈ।
ਜਨਤਾ ਲਈ ਅਪੀਲ
ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਸਬੰਧੀ ਕੋਈ ਸ਼ੱਕੀ ਗਤੀਵਿਧੀ ਜਾਂ ਜਾਣਕਾਰੀ ਹੋਵੇ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਂ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਸੇਫ ਪੰਜਾਬ ਹੈਲਪਲਾਈਨ: +91 97791 00200
ਐਮਰਜੈਂਸੀ ਨੰਬਰ: 112
ਜ਼ਿਲ੍ਹਾ ਪੁਲਿਸ ਕੰਟਰੋਲ ਰੂਮ ਨੰਬਰ: 80549 42100