ਵੱਡੀ ਖ਼ਬਰ: ਤਰਨਤਾਰਨ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬਲਜੀਤ ਸਿੰਘ
ਤਰਨਤਾਰਨ, 31 ਦਸੰਬਰ 2025- ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਵਿਰਸਾ ਸਿੰਘ ਨੂੰ ਗੋਲੀਆਂ ਮਾਰ ਕੇ ਖਤਮ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਪ੍ਰੀਤ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੀ ਫਿਰਨੀ 'ਤੇ ਲਗਾਤਾਰ ਚੋਰੀ ਦੀਆਂ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਸਨ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਇਕੱਠੇ ਹੋ ਕੇ ਆਪਣੀਆਂ ਜ਼ਮੀਨਾਂ, ਮੋਟਰਾਂ ਦੇ ਲਾਗੇ ਪਹਿਰਾ ਦੇਣਾ ਸ਼ੁਰੂ ਕੀਤਾ ਤਾਂ ਤਿੰਨ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਉੱਥੇ ਇੱਕ ਮੋਟਰ 'ਤੇ ਰੁਕ ਗਏ, ਜਿਨ੍ਹਾਂ ਨੂੰ ਵੇਖਦੇ ਹੋਏ ਪਿੰਡ ਵਾਸੀ ਇਕੱਠੇ ਹੋਏ ਅਤੇ ਉੱਥੇ ਹਰਪ੍ਰੀਤ ਸਿੰਘ ਵੀ ਚਲਾ ਗਿਆ ਅਤੇ ਥੋੜ੍ਹੀ ਜਿਹੀ ਤੂੰ-ਤੂੰ ਮੈਂ-ਮੈਂ ਹੋਣ ਤੋਂ ਬਾਅਦ ਉਹਨਾਂ ਤਿੰਨ ਅਣਪਛਾਤੇ ਵਿਅਕਤੀਆਂ 'ਚੋਂ ਇੱਕ ਵਿਅਕਤੀ ਨੇ ਆਪਣੇ ਡੱਬ ਵਿੱਚੋਂ ਪਿਸਤੌਲ ਕੱਢਿਆ ਅਤੇ ਹਰਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ।
ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਹਰਪ੍ਰੀਤ ਸਿੰਘ ਨੂੰ ਤਰਨ ਤਾਰਨ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਸਬੰਧੀ ਪਿੰਡ ਵਾਸੀ ਦਿਲਬਾਗ ਸਿੰਘ ਅਤੇ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਫਿਰਨੀ 'ਤੇ ਲਗਾਤਾਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਸਨ, ਜਿਸ ਨੂੰ ਵੇਖਦੇ ਹੋਏ ਉਹਨਾਂ ਵੱਲੋਂ ਕਈ ਵਾਰ ਪੁਲਿਸ ਨੂੰ ਕਿਹਾ ਗਿਆ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਜਿਸ ਤੋਂ ਬਾਅਦ ਉਹਨਾਂ ਨੇ ਆਪ ਹੀ ਇਹਨਾਂ ਲੁਟੇਰਿਆਂ ਨਾਲ ਨਜਿੱਠਣ ਦਾ ਫੈਸਲਾ ਕੀਤਾ ਸੀ ਪਰ ਇਹਨਾਂ ਨੇ ਹਰਪ੍ਰੀਤ ਸਿੰਘ ਦੀ ਜਾਨ ਲੈ ਲਈ ਹੈ, ਜਿਨ੍ਹਾਂ ਉੱਪਰ ਪੁਲਿਸ ਨੂੰ ਕਾਨੂੰਨੀ ਕਾਰਵਾਈ ਕਰਦੇ ਹੋਏ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। ਉਧਰ ਇਸ ਮਾਮਲੇ ਨੂੰ ਲੈ ਕੇ ਸਬ ਡਿਵੀਜ਼ਨ ਭਿੱਖੀ ਵਿੰਡ ਦੇ ਡੀਐਸਪੀ ਲਵ ਕੁਸ਼ ਨੇ ਦੱਸਿਆ ਕਿ ਇਹਨਾਂ ਤਿੰਨਾਂ ਵਿਅਕਤੀਆਂ ਵਿੱਚੋਂ ਪੁਲਿਸ ਨੇ ਮੌਕੇ 'ਤੇ ਹੀ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਅਤੇ ਜੋ ਦੋ ਵਿਅਕਤੀ ਸਨ, ਉਹ ਭੱਜਣ ਵਿੱਚ ਕਾਮਯਾਬ ਹੋ ਗਏ ਹਨ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।