ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ
*ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਇੱਕ ਮਹੀਨੇ ਦੇ ਮੈਗਾ ਕੈਂਪ ਵਿਚ ਖਰਾਬ ਗੋਡਾ ਇੱਕ ਲੱਖ ਰੁਪਏ ਵਿਚ ਬਦਲੀ ਹੋਵੇਗਾ : ਢਾਹਾਂ*
ਬੰਗਾ 1 ਜਨਵਰੀ 2026 : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਐਨ ਆਰ ਆਈਜ਼ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ। ਇਸ ਪਾਵਨ ਮੌਕੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਖਰਾਬ ਗੋਡਾ ਇੱਕ ਲੱਖ ਵਿਚ ਬਦਲਣ ਦੇ ਇੱਕ ਮਹੀਨਾ ਚੱਲਣ ਵਾਲੇ ਮੈਗਾ ਕੈਂਪ ਦਾ ਐਲਾਨ ਵੀ ਕੀਤਾ ਗਿਆ ।
ਇਸ ਤੋਂ ਪਹਿਲਾਂ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਜੇ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਜਾ ਸਾਹਿਬ ਮਜਾਰਾ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਨੇ ਇਲਾਹੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਵਿਚ ਪ੍ਰੰਥ ਪ੍ਰਸਿੱਧ ਕਥਾ ਵਾਚਕ ਡਾ. ਸਰਬਜੀਤ ਸਿੰਘ ਰੇਣਕਾ ਲੁਧਿਆਣਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਚਾਨਣਾ ਪਾਇਆ । ਇਸ ਮੌਕੇ ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ 2026 ਦੀਆਂ ਵਧਾਈਆਂ ਦਿੱਤੀਆਂ ।
ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਈ ਨੂੰ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ । ਉਹਨਾਂ ਐਲਾਨ ਕਰਦਿਆਂ ਕਿਹਾ ਕਿ ਇਸ ਲਈ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਨ ਹਿੱਤ ਗੁਰੂ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ 2026 ਦੀ ਖੁਸ਼ੀ ਵਿਚ 01 ਜਨਵਰੀ ਤੋਂ 31 ਜਨਵਰੀ 2026 ਤੱਕ ਹਸਪਤਾਲ ਵਿਚ ਲਗਾਏ ਜਾ ਰਹੇ ਮੈਗਾ ਕੈਂਪ ਵਿਚ ਖਰਾਬ ਗੋਡਾ ਸਿਰਫ ਇੱਕ ਲੱਖ ਰੁਪਏ ਦੇ ਪੈਕਜ ਵਿਚ ਬਦਲੀ ਕੀਤਾ ਜਾਵੇਗਾ। ਗੋਡੇ ਬਦਲਣ ਦੇ ਇਸ ਪੈਕਜ ਵਿਚ ਇੰਪੋਰਟਡ ਇੰਪਲਾਂਟ, ਦਵਾਈਆਂ, ਅਪਰੇਸ਼ਨ ਅਤੇ ਹਸਪਤਾਲ ਵਿਖੇ ਦਾਖਲ ਰਹਿਣ ਦਾ ਸਾਰਾ ਖਰਚਾ ਸ਼ਾਮਿਲ ਹੋਵੇਗਾ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।
ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਬੀਬੀ ਬਲਜਿੰਦਰ ਕੌਰ ਬਾਹੜੋਵਾਲ, ਮੈਡਮ ਸੁਖਮਿੰਦਰ ਕੌਰ ਉੱਭੀ, ਭਾਈ ਮਨਜੀਤ ਸਿੰਘ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਅਦਾਰਿਆਂ ਦਾ ਸਮੂਹ ਸਟਾਫ਼, ਡਾਕਟਰ ਸਾਹਿਬਾਨ, ਨਰਸਿੰਗ, ਪੈਰਾ ਮੈਡੀਕਲ ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।