ਪੱਤਰਕਾਰਾਂ ਤੇ ਦਰਜ ਕੇਸ ਖਿਲਾਫ ਪੱਤਰਕਾਰ ਭਾਈਚਾਰੇ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 1 ਜਨਵਰੀ 2026 :ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਖਿਲਾਫ ਦਰਜ ਕੀਤੇ ਮਾਮਲੇ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ 4 ਜਨਵਰੀ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਬਠਿੰਡਾ ਪ੍ਰੈੱਸ ਕਲੱਬ ਵਿੱਚ ਪ੍ਰਧਾਨ ਬਖਤੌਰ ਸਿੰਘ ਢਿੱਲੋ ਦੀ ਅਗਵਾਈ ਹੇਠ ਹੋਈ ਪੱਤਰਕਾਰਾਂ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਉਹਨਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਕੁਝ ਪੱਤਰਕਾਰਾਂ ਨੇ ਸਰਕਾਰ ਉੱਪਰ ਸਵਾਲ ਉਠਾਏ ਸਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ 10 ਪੱਤਰਕਾਰਾਂ ਖਿਲਾਫ ਕੇਸ ਦਰਜ ਕਰ ਲਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀ ਜੁਬਾਨਬੰਦੀ ਕਰਨ ’ਤੇ ਤੁਲੀ ਹੋਈ ਹੈ।
ਬਖਤੌਰ ਢਿੱਲੋ ਨੇ ਕਿਹਾ ਕਿ ਜਿਹੜੇ ਸਵਾਲ ਵਿਰੋਧੀ ਧਿਰ ਵਿੱਚ ਹੁੰਦਿਆਂ ਮੁੱਖ ਮੰਤਰੀ ਖੁਦ ਕਰਦੇ ਸਨ, ਹੁਣ ਅਜਿਹੇ ਸਵਾਲ ਕਰਨ ਵਾਲੇ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਖਿਲਾਫ ਕੇਸ ਦਰਜ ਕਰਕੇ ਉਹਨਾਂ ਨੂੰ ਜੇਲਾਂ ਵਿੱਚ ਸੁੱਟਣ ਦੀ ਤਿਆਰੀ ਕੀਤੀ ਜਾ ਰਹੀ। ਉਹਨਾਂ ਦੱਸਿਆ ਕਿ ਸਮੁੱਚਾ ਪੱਤਰਕਾਰ ਭਾਈਚਾਰਾ ਚਾਰ ਜਨਵਰੀ ਨੂੰ ਚੰਡੀਗੜ੍ਹ ਸੈਕਟਰ 17 ਵਿਖੇ ਸਰਕਾਰ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਤੋਂ ਬਾਅਦ 8 ਜਨਵਰੀ ਨੂੰ ਬਠਿੰਡਾ ਵਿੱਚ ਪੱਤਰਕਾਰਾਂ ਅਤੇ ਜਨਤਕ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਤੋਂ ਬਾਅਦ ਵਿਸ਼ਾਲ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਜਨਤਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੁਝ ਨੁਮਾਇੰਦੇ ਇਸ ਰੋਸ ਪ੍ਰਦਰਸ਼ਨ ਵਿੱਚ ਜਰੂਰ ਭੇਜਣ।
ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਗੁਰਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਪੱਤਰਕਾਰਾਂ ਖਿਲਾਫ ਦਰਜ ਮਾਮਲੇ ਸਬੰਧੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮ ਨੂੰ ਯੂਨੀਅਨ ਵੱਲੋਂ ਮੰਗ ਪੱਤਰ ਦੇ ਕੇ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ ਅਤੇ 4 ਜਨਵਰੀ ਦੇ ਪ੍ਰਦਰਸ਼ਨ ਵਿਚ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ, ਪੱਤਰਕਾਰ ਪਰਵਿੰਦਰਜੀਤ ਸ਼ਰਮਾ, ਮਨਿੰਦਰ ਸਿੰਘ ਸਿੱਧੂ, ਰਤਨ ਸਿੰਘ ਧਾਲੀਵਾਲ, ਮਨਦੀਪ ਸਿੰਘ ਮੱਕੜ, ਮਿੰਟੂ ਗੁਰੂਸਰੀਆ, ਮਾਣਕ ਗੋਇਲ, ਸੂਰਜ ਸ਼ਰਮਾ, ਭੂਸ਼ਣ ਜਿੰਦਲ, ਰਣਜੀਤ ਸਿੰਘ ਗਿੱਲ, ਜਸ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਪੱਤਰਕਾਰ ਹਾਜ਼ਰ ਸਨ।