ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ; 10 ਲੱਖ ਰੁਪਏ ਸਿਹਤ ਬੀਮੇ ਬਾਰੇ ਵੱਡਾ ਐਲਾਨ
Babushahi Network
ਚੰਡੀਗੜ੍ਹ, 2 ਜਨਵਰੀ 2026- ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਡਾ. ਬਲਵੀਰ ਸਿੰਘ ਨੇ ਦਾਅਵਾ ਕੀਤਾ ਕਿ ਇਸ ਯੋਜਨਾ ਦੇ ਲਾਂਚ ਹੋਣ ਨਾਲ ਪੰਜਾਬ ਦੇ 3 ਕਰੋੜ ਲੋਕਾਂ ਨੂੰ ਸਿੱਧਾ ਲਾਭ ਪਹੁੰਚੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਅਗਲੇ ਤਿੰਨ ਚਾਰ ਮਹੀਨਿਆਂ ਦੇ ਦੌਰਾਨ ਪੰਜਾਬ ਵਾਸੀਆਂ ਦੇ ਕੈਸ਼ਲੈਸ ਬੀਮਾ ਕਾਰਡ ਬਣ ਜਾਣਗੇ। ਉਹਨਾਂ ਨੇ ਕਿਹਾ ਕਿ ਯੂਨਾਈਟਡ ਇੰਡੀਆ ਸੰਸਥਾ ਦੇ ਨਾਲ ਪੰਜਾਬ ਸਰਕਾਰ ਦਾ ਸਮਝੌਤਾ ਹੋ ਗਿਆ ਹੈ। ਉਹਨਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹੁਣ 10 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਵਿੱਚ ਪ੍ਰਾਪਤ ਹੋਵੇਗਾ।
ਪੰਜਾਬ ਦਾ ਹਰ ਵਸਨੀਕ ਇਸ ਸਕੀਮ ਦਾ ਲਾਭ ਲੈਣ ਦਾ ਹੱਕਦਾਰ ਹੋਵੇਗਾ। ਇਹ ਯੋਜਨਾ ਪੂਰੀ ਤਰ੍ਹਾਂ ਕੈਸ਼ਲੈੱਸ ਬੀਮਾ ਸਿਹਤ ਯੋਜਨਾ ਦੇ ਅਧੀਨ ਹੋਵੇਗੀ, ਜਿਸ ਨਾਲ ਮਰੀਜ਼ਾਂ ਨੂੰ ਇਲਾਜ ਦੌਰਾਨ ਨਕਦੀ ਦੇ ਭੁਗਤਾਨ ਤੋਂ ਮੁਕਤੀ ਮਿਲੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ।
ਘਰ-ਘਰ ਪਹੁੰਚੇਗੀ ਸਿਹਤ ਸੇਵਾ: ਸਿਹਤ ਮੰਤਰੀ
ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਹ ਨਵੀਂ ਯੋਜਨਾ ਇਸੇ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ। ਇਸ ਯੋਜਨਾ ਨਾਲ ਘਰ ਘਰ ਤੱਕ ਸਿਹਤ ਸਹੂਲਤਾਂ ਪਹੁੰਚਾਈਆਂ ਜਾਣਗੀਆਂ।