ਬਠਿੰਡਾ ਪ੍ਰਸ਼ਾਸਨ ਨੇ ਸਰਬੱਤ ਦੇ ਭਲੇ ਦੀ ਕਾਮਨਾ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਪਾਏ ਭੋਗ
ਅਸ਼ੋਕ ਵਰਮਾ
ਬਠਿੰਡਾ, 2 ਜਨਵਰੀ 2025: ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਸਥਾਨਕ ਸੇਵਾ ਕੇਂਦਰ ਵਿਖੇ ਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸ਼ਰਧਾ ਤੇ ਭਗਤੀ ਭਾਵ ਨਾਲ ਪਾਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਅਤੇ ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਸ੍ਰੀ ਰਮਨਜੀਤ ਅਤੇ ਚੇਅਰਮੈਨ ਸ਼੍ਰੀ ਨੀਲ ਗਰਗ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਵੇਂ ਸਾਲ ਦੀ ਸ਼ੁਰੂਆਤ ਧਾਰਮਿਕ ਕਾਰਜਾਂ ਨਾਲ ਕਰਨ ਨੂੰ ਇੱਕ ਸ਼ੁਭ ਪਹਿਲ ਦੱਸਦਿਆਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਕਿਹਾ ਕਿ ਅਜਿਹੇ ਆਤਮਿਕ ਸਮਾਗਮ ਮਨੁੱਖ ਨੂੰ ਸੇਵਾ ਭਾਵ, ਸਹਿਯੋਗ ਅਤੇ ਇਮਾਨਦਾਰੀ ਨਾਲ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਸਾਲ ਵਿੱਚ ਪ੍ਰਸ਼ਾਸਨ ਅਤੇ ਕਰਮਚਾਰੀ ਜਨਤਾ ਨੂੰ ਹੋਰ ਬਿਹਤਰ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਗੇ।
ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਾਰੇ ਹਾਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਏ। ਸੇਵਾ ਕੇਂਦਰ ਪ੍ਰਬੰਧਨ ਵੱਲੋਂ ਇਸ ਪਾਵਨ ਸਮਾਗਮ ਦੀ ਸਫਲਤਾ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਮੈਨੇਜਰ ਸ੍ਰੀ ਰਾਜਵੀਰ ਸਿੰਘ ਤੋਂ ਇਲਾਵਾ ਸੇਵਾ ਕੇਂਦਰ ਦੇ ਕਰਮਚਾਰੀ ਆਦਿ ਹਾਜ਼ਰ ਸਨ।