ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਲਾਮਿਸਾਲ ਯਤਨ : ਕੈਬਨਿਟ ਮੰਤਰੀ ਅਮਨ ਅਰੋੜਾ
ਅਸ਼ੋਕ ਵਰਮਾ
ਬਠਿੰਡਾ, 13 ਜਨਵਰੀ 2026 : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਬੇਮਿਸਾਲ ਅਤੇ ਦੂਰਦਰਸ਼ੀ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਬਠਿੰਡਾ ਪ੍ਰੀਮੀਅਰ ਲੀਗ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਮਹਿਤਾ, ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਤੋ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀਆਂ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਧੰਦਿਆਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਣ ਲਈ ਸੰਪਤੀਆਂ ਜ਼ਬਤ ਕਰਨ ਅਤੇ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਇਆ ਹੈ। ਇਸ ਨਾਲ ਨਸ਼ਾ ਮਾਫੀਆ ਵਿੱਚ ਡਰ ਦਾ ਮਾਹੌਲ ਬਣਿਆ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਜ਼ਬੂਤ ਸੰਦੇਸ਼ ਗਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰੋਕਥਾਮ ਦੇ ਨਾਲ-ਨਾਲ ਇਲਾਜ ਅਤੇ ਪੁਨਰਵਾਸ ‘ਤੇ ਖ਼ਾਸ ਧਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿੱਥੇ ਪੀੜਤ ਨੌਜਵਾਨਾਂ ਨੂੰ ਮੈਡੀਕਲ ਸਹਾਇਤਾ, ਕੌਂਸਲਿੰਗ ਅਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਰਾਹਦਾਰੀ ਮਿਲ ਰਹੀ ਹੈ। ਇਸ ਦੇ ਨਾਲ ਹੀ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਰੋਜ਼ਗਾਰ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਹੈ। ਪਾਰਦਰਸ਼ੀ ਪ੍ਰਸ਼ਾਸਨ, ਲੋਕਾਂ ਦੀ ਭਾਗੀਦਾਰੀ ਅਤੇ ਸਖ਼ਤ ਇਰਾਦਿਆਂ ਨਾਲ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹਰ ਵਰਗ ਵੱਲੋਂ ਸ਼ਲਾਘਾ ਮਿਲ ਰਹੀ ਹੈ ਅਤੇ ਇਹ ਉਪਰਾਲੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ।
ਇਸ ਦੌਰਾਨ ਨਗਰ ਨਿਗਮ ਦੇ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਪ੍ਰੇਰਨਾਦਾਇਕ ਦ੍ਰਿਸ਼ਟੀਕੋਣ ਹੇਠ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਬਠਿੰਡਾ ਪ੍ਰੀਮੀਅਰ ਲੀਗ ਇੱਕ ਨਵੀਂ ਦਿਸ਼ਾ ਅਤੇ ਤਾਕਤ ਪ੍ਰਦਾਨ ਕਰੇਗੀ ਤੇ ਬਠਿੰਡਾ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।