CM ਮਾਨ ਦਾ ਵੱਡਾ ਖ਼ੁਲਾਸਾ; 169 ਲਾਪਤਾ ਪਾਵਨ ਸਰੂਪ ਲੱਭੇ, 139 ਸਰੂਪਾਂ ਦਾ ਕੋਈ ਰਿਕਾਰਡ ਨਹੀਂ
SIT ਦੀ ਜਾਂਚ 'ਚ ਸਾਹਮਣੇ ਆਈ ਵੱਡੀ ਹੇਰਾਫੇਰੀ
ਚੰਡੀਗੜ੍ਹ 14 ਜਨਵਰੀ 2026: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਬਹੁਤ ਹੀ ਅਹਿਮ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ SIT (ਵਿਸ਼ੇਸ਼ ਜਾਂਚ ਟੀਮ) ਦੀ ਜਾਂਚ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਪਾਵਨ ਸਰੂਪਾਂ ਦੀ ਗਿਣਤੀ ਅਤੇ ਰਿਕਾਰਡ ਵਿੱਚ ਬਹੁਤ ਵੱਡੀਆਂ ਬੇਨਿਯਮੀਆਂ ਪਾਈਆਂ ਗਈਆਂ ਹਨ।
ਸੀਐਮ ਮਾਨ ਨੇ ਦੱਸਿਆ ਕਿ ਜਾਂਚ ਦੌਰਾਨ ਇੱਕ ਧਾਰਮਿਕ ਸਥਾਨ ਤੋਂ 169 ਪਾਵਨ ਸਰੂਪ ਮਿਲੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਹਨਾਂ ਵਿੱਚੋਂ 139 ਸਰੂਪਾਂ ਦਾ ਕੋਈ ਵੀ ਅਧਿਕਾਰਤ ਰਿਕਾਰਡ ਮੌਜੂਦ ਨਹੀਂ ਹੈ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਸਿਰਫ਼ 30 ਪਾਵਨ ਸਰੂਪ ਹੀ ਦਰਜ ਹਨ, ਜਦਕਿ ਬਾਕੀ ਸਰੂਪਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਕਿੱਥੋਂ ਅਤੇ ਕਿਵੇਂ ਆਏ।
ਭਗਵੰਤ ਮਾਨ ਨੇ ਕਿਹਾ ਕਿ SIT ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਪਿੱਛੇ ਮੌਜੂਦ ਸਾਰੇ ਜ਼ਿੰਮੇਵਾਰ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੇ ਮਾਮਲੇ ਵਿੱਚ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਦੇ ਇਸ ਬਿਆਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਵਿਰੋਧੀ ਧਿਰਾਂ ਲਈ ਨਵੀਆਂ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। CM ਮਾਨ ਨੇ ਸਪੱਸ਼ਟ ਕੀਤਾ ਕਿ ਸਰਕਾਰ ਇਸ ਮਾਮਲੇ ਦੀ ਤਹਿ ਤੱਕ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਇਹ ਸਰੂਪ ਕਿੱਥੇ ਗਏ ਅਤੇ ਰਿਕਾਰਡ ਵਿੱਚ ਹੇਰਾਫੇਰੀ ਕਿਸ ਦੇ ਇਸ਼ਾਰੇ 'ਤੇ ਕੀਤੀ ਗਈ।