20 ਜਨਵਰੀ ਨੂੰ ਅਰਥੀ ਫੂਕ ਮੁਜਾਹਰਾ
ਮਾਮਲਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦਾ।
ਮਨਪ੍ਰੀਤ ਸਿੰਘ
ਰੂਪਨਗਰ 15 ਜਨਵਰੀ:
ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਇਕਾਈ ਰੂਪਨਗਰ ਦੀ ਜਨਰਲ ਕੌਂਸਲ ਮੀਟਿੰਗ ਅੱਜ ਗੋਬਿੰਦ ਵੈਲੀ ਰੂਪਨਗਰ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਮੇਸ਼ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਜਿਵੇਂ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਕੇਂਦਰ ਅਤੇ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਤੋਂ 16% ਘੱਟ ਡੀਏ ਲੈ ਰਹੇ ਹਨ। ਜਿਸ ਨਾਲ ਅੰਦਾਜਨ 6000 ਰੁਪਏ ਮਹੀਨਾ ਪ੍ਰਤੀ ਪੈਨਸ਼ਨਰ ਅਤੇ 12000 ਰੁਪਏ ਮਹੀਨਾ ਪ੍ਰਤੀ ਕਰਮਚਾਰੀ ਮੁਲਾਜਮਾਂ ਨੂੰ ਸਿੱਧਾ ਵਿੱਤੀ ਘਾਟਾ ਸਹਿਣਾ ਪੈ ਰਿਹਾ ਹੈ। ਇਸ ਤੋਂ ਇਲਾਵਾ 01-01-2016 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ 2.59% ਦਾ ਫੈਕਟਰ ਵੀ ਨਹੀਂ ਦਿੱਤਾ ਜਾ ਰਿਹਾ। ਛੇਵੇਂ ਤਨਖਾਹ ਕਮਿਸ਼ਨ ਦੇ ਏਰੀਅਰ ਦਾ ਪ੍ਰਤੀ ਮੁਲਾਜ਼ਮ ਲੱਖਾਂ ਰੁਪਿਆ ਸਰਕਾਰ ਵੱਲ ਬਕਾਇਆ ਪਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕ ਲੈਣ ਲਈ ਵੀ ਮਾਨਯੋਗ ਕੋਰਟਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਰੋਸ ਦਿਨੋ ਦਿਨ ਵਧ ਰਿਹਾ ਹੈ। ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕੰਟਰੈਕਟਰ ਕਾਮਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜਗ੍ਹਾ ਜਗ੍ਹਾ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਨੂੰ ਪ੍ਰਵਾਨ ਕਰਨਾ ਤਾਂ ਦੂਰ ਦੀ ਗੱਲ, ਉਹਨਾਂ ਕੋਲ ਮੁਲਾਜ਼ਮਾਂ ਨਾਲ ਗੱਲ ਕਰਨ ਲਈ ਵੀ ਸਮਾਂ ਹੀ ਨਹੀਂ ਹੈ। ਬਲਬੀਰ ਸਿੰਘ ਮਗਰੋੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਲ 2025 ਵਿੱਚ ਪੰਜਾਬ ਸਰਕਾਰ ਵੱਲੋਂ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਡੀਏ ਦੀ ਇੱਕ ਵੀ ਕਿਸ਼ਤ ਨਹੀਂ ਦਿੱਤੀ ਗਈ। ਸਰਕਾਰ ਕੋਲ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੇਣ ਲਈ ਪੈਸਾ ਨਹੀਂ ਹੈ ਪ੍ਰੰਤੂ ਇਸ਼ਤਿਹਾਰਬਾਜੀ ਤੇ ਅਰਬਾਂ ਰੁਪਏ ਫਜੂਲ ਖਰਚੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪਾਵਰਕਾਮ ਅਤੇ ਟਰਾਂਸਕੋ ਦੀਆਂ ਵਡਮੁੱਲੀਆਂ ਜਮੀਨਾਂ ਨੂੰ ਵੇਚਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਬਿਜਲੀ ਕਾਮਿਆਂ ਵਿੱਚ ਸਰਕਾਰ ਪ੍ਰਤੀ ਅਥਾਹ ਗੁੱਸਾ ਫੈਲ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਨਾਂਹ ਪੱਖੀ ਰਵਈਏ ਨੂੰ ਵੇਖਦੇ ਹੋਏ ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਰੂਪਨਗਰ, ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਯੂਨਿਟ ਰੂਪਨਗਰ ਅਤੇ ਇੰਪਲਾਈਜ਼ ਫੈਡਰੇਸ਼ਨ ਪੀਐਸਈਬੀ ਥਰਮਲ ਯੂਨਿਟ ਰੂਪਨਗਰ ਵੱਲੋਂ ਸਾਂਝੇ ਤੌਰ ਮਿਤੀ 20 ਜਨਵਰੀ ਨੂੰ ਦੁਪਹਿਰ 11 ਵਜੇ ਤੇ ਰਣਜੀਤ ਬਾਗ ਰੂਪਨਗਰ ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ। ਉਹਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸੰਘਰਸ਼ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਜਾਵੇ।