DC ਵੱਲੋਂ ਰਿਹਾਇਸ਼ੀ ਹੋਸਟਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦੀ ਸਮੀਖਿਆ
ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਕੋਈ ਫੀਸ ਨਹੀਂ-ਸਾਰੇ ਯੋਗ ਵਿਦਿਆਰਥੀਆਂ ਨੂੰ ਮੁਫ਼ਤ ਸਕਾਲਰਸ਼ਿਪ ਦੀ ਸੁਵਿਧਾ
ਰੋਹਿਤ ਗੁਪਤਾ
ਗੁਰਦਾਸਪੁਰ, 15 ਜਨਵਰੀ 2026 : ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਰਿਹਾਇਸ਼ੀ ਹੋਸਟਲ ਸੇਖਵਾਂ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਹੋਸਟਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਸਟਲ ਵਿੱਚ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਹੋਸਟਲ ਵਾਰਡਨ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਦੀ ਪੜ੍ਹਾਈ, ਰਹਿਣ-ਸਹਿਣ ਅਤੇ ਅਨੁਸ਼ਾਸਨ ਵੱਲ ਖ਼ਾਸ ਧਿਆਨ ਦਿੱਤਾ ਜਾਵੇ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਰਿਹਾਇਸ਼ੀ ਹੋਸਟਲ ਸੇਖਵਾਂ ਵਿੱਚ ਇਸ ਸਮੇਂ 52 ਵਿਦਿਆਰਥੀ ਪੜ ਰਹੇ ਹਨ, ਜਦਕਿ ਹੋਸਟਲ ਦੀ ਕੁੱਲ ਸਮਰੱਥਾ 100 ਵਿਦਿਆਰਥੀਆਂ ਦੀ ਹੈ। ਇਹ ਹੋਸਟਲ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਸਿਰਫ਼ ਲੜਕਿਆਂ ਲਈ ਹੈ। ਹੋਸਟਲ ਵਿੱਚ ਅਨਾਥ ਬੱਚੇ, ਇਕੱਲੇ ਮਾਪਿਆਂ ਵਾਲੇ ਬੱਚੇ, ਆਰਥਿਕ ਤੌਰ ’ਤੇ ਕਮਜ਼ੋਰ ਵਰਗ (EWS) ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਫ਼, ਪੌਸ਼ਟਿਕ ਅਤੇ ਉਨ੍ਹਾਂ ਦੀ ਰੁਚੀ ਅਨੁਸਾਰ ਭੋਜਨ ਦਿੱਤਾ ਜਾਵੇ, ਜਿਸ ਦੀ ਨਿਗਰਾਨੀ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੋਸਟਲ ਦੀਆਂ ਸਾਰੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸੁਖਦਾਇਕ ਵਾਤਾਵਰਨ ਮਿਲ ਸਕੇ।
ਉਨ੍ਹਾਂ ਨੇ ਦੱਸਿਆ ਕਿ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਕੋਈ ਵੀ ਫੀਸ ਜਾਂ ਹੋਰ ਚਾਰਜ ਨਹੀਂ ਲਿਆ ਜਾਂਦਾ ਅਤੇ ਸਾਰੇ ਯੋਗ ਵਿਦਿਆਰਥੀਆਂ ਨੂੰ ਮੁਫ਼ਤ ਸਕਾਲਰਸ਼ਿਪ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਵਿਦਿਆਰਥੀ ਦਾਖਲੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿੱਚ ਸਥਿਤ ਦਫਤਰ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ
ਇਸ ਮੌਕੇ ਅਨਿਲ ਕੁਮਾਰ ਡਿਪਟੀ ਡੀ.ਈ.ਓ (ਸ), ਡੀ.ਡੀ.ਐੱਫ ਸ਼ਰਦ ਸੇਠ ਸਮੇਤ ਸਬੰਧਤ ਅਧਿਕਾਰੀ ਮੌਜੂਦ ਸਨ।