ਆਤਿਸ਼ੀ ਵੀਡੀਓ ਵਿਵਾਦ: "ਜੇ ਭਰੋਸਾ ਨਹੀਂ ਤਾਂ CBI ਤੋਂ ਜਾਂਚ ਕਰਵਾ ਲਵੇ ਭਾਜਪਾ"- CM ਮਾਨ ਦਾ ਪਲਟਵਾਰ
Babushahi Network
ਚੰਡੀਗੜ੍ਹ/ਦਿੱਲੀ 17 ਜਨਵਰੀ 2026- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਲੀਡਰ ਆਤਿਸ਼ੀ ਦੀ ਵੀਡੀਓ ਨੂੰ ਲੈ ਕੇ ਚੱਲ ਰਹੇ ਸਿਆਸੀ ਘਮਾਸਾਨ ਵਿੱਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਦਿੱਲੀ ਫੋਰੈਂਸਿਕ ਲੈਬ ਦੀ ਰਿਪੋਰਟ ਆਉਣ ਤੋਂ ਬਾਅਦ ਪੈਦਾ ਹੋਏ ਵਿਵਾਦ 'ਤੇ ਬੋਲਦਿਆਂ ਸੀ.ਐਮ. ਮਾਨ ਨੇ ਭਾਜਪਾ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਵਿੱਚ ਸਬ-ਟਾਈਟਲ (Sub-titles) ਦੇ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜੋ ਕਿ ਇੱਕ ਤਰ੍ਹਾਂ ਦਾ ਅਪਮਾਨ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵੀਡੀਓ ਵਿੱਚ ਕੁਝ ਵੀ ਅਜਿਹਾ ਨਹੀਂ ਬੋਲਿਆ ਗਿਆ ਜਿਸ ਦਾ ਦਾਅਵਾ ਭਾਜਪਾ ਵੱਲੋਂ ਕੀਤਾ ਜਾ ਰਿਹਾ ਹੈ।
ਸੀ.ਐਮ. ਮਾਨ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਪੰਜਾਬ ਜਾਂ ਦਿੱਲੀ ਦੀਆਂ ਜਾਂਚ ਰਿਪੋਰਟਾਂ 'ਤੇ ਭਰੋਸਾ ਨਹੀਂ ਹੈ, ਤਾਂ ਉਹ ਆਪਣੀ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. (CBI) ਤੋਂ ਜਾਂਚ ਕਰਵਾ ਲੈਣ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਅਕਸ ਨੂੰ ਖ਼ਰਾਬ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਦਿੱਲੀ ਫੋਰੈਂਸਿਕ ਲੈਬ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਵੀਡੀਓ ਨੂੰ ਅਸਲੀ ਦੱਸਿਆ ਸੀ। ਦੂਜੇ ਪਾਸੇ, ਪੰਜਾਬ ਪੁਲਿਸ ਪਹਿਲਾਂ ਹੀ ਇਸ ਮਾਮਲੇ ਵਿੱਚ ਜਾਂਚ ਕਰਕੇ ਐਫ.ਆਈ.ਆਰ. (FIR) ਦਰਜ ਕਰ ਚੁੱਕੀ ਹੈ। ਹੁਣ ਭਗਵੰਤ ਮਾਨ ਦੇ ਇਸ ਤਾਜ਼ਾ ਬਿਆਨ ਨੇ ਸਿਆਸੀ ਮਾਹੌਲ ਹੋਰ ਗਰਮਾ ਦਿੱਤਾ ਹੈ।