ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਿਤ ਸ਼ਾਹ ਦੀ ਮੁਲਾਕਾਤ: ਪੰਜਾਬ ਦੇ ਅਹਿਮ ਮਸਲਿਆਂ 'ਤੇ ਚਰਚਾ
ਨਵੀਂ ਦਿੱਲੀ, 17 ਜਨਵਰੀ 2026: ਅੱਜ ਦਿੱਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ, ਸਰਹੱਦੀ ਖੇਤਰਾਂ ਅਤੇ ਸੂਬੇ ਦੇ ਆਰਥਿਕ ਹਿੱਤਾਂ ਨਾਲ ਜੁੜੇ ਕਈ ਗੰਭੀਰ ਮੁੱਦੇ ਉਠਾਏ ਗਏ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਇਸ ਲਈ ਸੰਸਦ ਵਿੱਚ ਬੀਜ ਬਿੱਲ ਲਿਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਇੱਥੋਂ ਦੇ ਮਾਹਿਰਾਂ ਦੀ ਸਲਾਹ ਲੈਣੀ ਲਾਜ਼ਮੀ ਕੀਤੀ ਜਾਵੇ।
ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਜਲਦ ਹੱਲ ਦੀ ਮੰਗ ਕੀਤੀ ਗਈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾਵੇ ਤਾਂ ਜੋ ਸੂਬੇ ਦੇ ਹਿੱਤ ਸੁਰੱਖਿਅਤ ਰਹਿ ਸਕਣ।
ਪੰਜਾਬ ਦੇ ਪੇਂਡੂ ਵਿਕਾਸ ਫੰਡ (RDF) ਦਾ ਬਕਾਇਆ 8,500 ਕਰੋੜ ਰੁਪਏ ਤੁਰੰਤ ਰੀਲੀਜ਼ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਨਾ ਹੋਣ। ਫੂਡ ਐਂਡ ਸਿਵਲ ਸਪਲਾਈ ਵਿਭਾਗ ਨਾਲ ਸਬੰਧਤ ਸਟੋਰੇਜ ਦੀਆਂ ਸਮੱਸਿਆਵਾਂ 'ਤੇ ਵੀ ਚਰਚਾ ਹੋਈ।
ਇਹ ਮੰਗ ਰੱਖੀ ਗਈ ਕਿ ਭਾਰਤੀ ਖੁਰਾਕ ਨਿਗਮ (FCI) ਦਾ ਜਨਰਲ ਮੈਨੇਜਰ (GM) ਪੰਜਾਬ ਕੈਡਰ ਦਾ ਹੀ ਅਫਸਰ ਲਗਾਇਆ ਜਾਵੇ ਤਾਂ ਜੋ ਸੂਬੇ ਦੀਆਂ ਲੋੜਾਂ ਅਤੇ ਭੂਗੋਲਿਕ ਸਥਿਤੀ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਸਰਕਾਰ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ 'ਤੇ ਹਮਦਰਦੀ ਨਾਲ ਗ਼ੌਰ ਕਰਨ ਦਾ ਭਰੋਸਾ ਦਿੱਤਾ।