ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ 'ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਕੇਂਦਰ ਸਰਕਾਰ ਨੇ ਸਰਹੱਦੀ ਉੱਤੇ ਕੰਡਿਆਲੀ ਤਾਰ ਨੂੰ ਤਬਦੀਲ ਕਰਨ ਲਈ ਦਿੱਤੀ ਸਹਿਮਤੀ
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਿਸਾਨ ਹਜ਼ਾਰਾਂ ਏਕੜ ਸਰਹੱਦੀ ਜ਼ਮੀਨ 'ਤੇ ਬਿਨਾਂ ਕਿਸੇ ਪਾਬੰਦੀ ਤੋਂ ਖੇਤੀ ਕਰ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੇਂਦਰੀ ਗ੍ਰਹਿ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੰਡਿਆਲੀ ਤਾਰ ਪੰਜਾਬ ਦੀ ਜ਼ਮੀਨ ਤੋਂ ਸਰਹੱਦ ਵੱਲ ਕੀਤੀ ਜਾਵੇਗੀ ਤਬਦੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਸਾਨਾਂ ਨੂੰ ਪਹਿਲਾਂ ਕੰਡਿਆਲੀ ਤਾਰ ਦੇ ਪਾਰ ਜ਼ਮੀਨ 'ਤੇ ਖੇਤੀ ਕਰਨ ਵੇਲੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਸਾਨਾਂ ਨੂੰ ਆਪਣੀ ਜ਼ਮੀਨ 'ਤੇ ਖੇਤੀ ਕਰਨ ਲਈ ਪਛਾਣ ਪੱਤਰ ਦਿਖਾ ਕੇ ਬੀ.ਐਸ.ਐਫ. ਦੀ ਸੁਰੱਖਿਆ ਹੇਠ ਕੰਡਿਆਲੀ ਤਾਰ ਪਾਰ ਕਰਨੀ ਪੈਂਦੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਾਰਤ-ਪਾਕਿਸਤਾਨ ਦੀ 532 ਕਿਲੋਮੀਟਰ ਲੰਮੀ ਸਰਹੱਦ 'ਤੇ, ਕੰਡਿਆਲੀ ਤਾਰ ਪੰਜਾਬ ਦੇ ਖੇਤਰ ਦੇ ਕਾਫੀ ਅੰਦਰ ਲੱਗੀ ਹੋਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 18 ਜਨਵਰੀ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆਈ, ਆੜ੍ਹਤੀਆ ਕਮਿਸ਼ਨ ਰੋਕਣ, ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਫੀਸਾਂ ਦਾ ਭੁਗਤਾਨ ਨਾ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੀ ਭੂਮਿਕਾ ਨੂੰ ਘਟਾਉਣ ਸਬੰਧੀ ਪੰਜਾਬ ਦੇ ਇਤਰਾਜ਼ ਉਠਾਉਂਦਿਆਂ ਇਨ੍ਹਾਂ ਮੁੱਦਿਆਂ ਦੇ ਤੁਰੰਤ ਅਤੇ ਸਮਾਂਬੱਧ ਹੱਲ ਦੀ ਮੰਗ ਕੀਤੀ।
ਪ੍ਰਸਤਾਵਿਤ ਬੀਜ ਬਿੱਲ 2025 'ਤੇ ਗੰਭੀਰ ਇਤਰਾਜ਼ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ, ਫਿਰ ਵੀ ਬੀਜ ਬਿੱਲ ਦਾ ਖਰੜਾ ਸਬੰਧਤ ਧਾਰਾ ਤਹਿਤ ਸ਼ਡਿਊਲ ਅਨੁਸਾਰ ਸੂਬੇ ਦੀ ਪ੍ਰਤੀਨਿਧਤਾ ਨੂੰ ਯਕੀਨੀ ਨਹੀਂ ਬਣਾਉਂਦਾ। ਬਿੱਲ ਵਿੱਚ ਪੇਸ਼ ਕੀਤਾ ਗਿਆ ਜ਼ੋਨ ਅਧਾਰਤ ਸਿਸਟਮ ਮੌਜੂਦਾ ਪ੍ਰਣਾਲੀ ਦੇ ਉਲਟ, ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਗਰੰਟੀ ਨਹੀਂ ਦਿੰਦਾ, ਜਿਸ ਨਾਲ ਬੀਜ ਖੇਤਰ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਨ ਵਾਲੇ ਫੈਸਲਿਆਂ ਵਿੱਚ ਸੂਬੇ ਦੀ ਆਵਾਜ਼ ਨੂੰ ਦਬਾਇਆ ਗਿਆ ਹੈ।"
ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਪ੍ਰਸਤਾਵਿਤ ਬੀਜ ਬਿੱਲ ਵਿੱਚ ਸੂਬੇ ਦੀ ਮੌਜੂਦਾ ਸ਼ਕਤੀ ਨੂੰ ਘਟਾ ਦਿੱਤਾ ਗਿਆ ਹੈ ਕਿਉਂਕਿ ਬੀਜ ਰਜਿਸਟ੍ਰੇਸ਼ਨ ਵਿੱਚ ਸੂਬਾਈ ਬੀਜ ਕਮੇਟੀ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਖਰੜੇ ਵਿੱਚ ਉਨ੍ਹਾਂ ਕਿਸਾਨਾਂ ਲਈ ਇੱਕ ਮਜ਼ਬੂਤ ਮੁਆਵਜ਼ਾ ਢਾਂਚਾ ਯਕੀਨੀ ਬਣਾਉਣ ਬਾਰੇ ਵੀ ਕੋਈ ਗੱਲ ਨਹੀਂ ਕੀਤੀ ਗਈ, ਜਿਨ੍ਹਾਂ ਨੂੰ ਰਜਿਸਟਰਡ ਬੀਜ ਸਬੰਧੀ ਦਰਸਾਏ ਨਤੀਜੇ ਨਾ ਮਿਲਣ ਕਾਰਨ ਨੁਕਸਾਨ ਹੁੰਦਾ ਹੈ।"
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਵਿਦੇਸ਼ਾਂ ਵਿੱਚ ਟੈਸਟ ਕੀਤੀਆਂ ਅਤੇ ਛੱਡੀਆਂ ਗਈਆਂ ਬੀਜ ਕਿਸਮਾਂ ਨੂੰ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਦਰਾਮਦ ਤੇ ਵਿਕਰੀ ਲਈ ਸੂਬੇ ਦੇ ਖੇਤੀਬਾੜੀ-ਜਲਵਾਯੂ ਹਾਲਾਤ ਤਹਿਤ ਲਾਜ਼ਮੀ ਸਥਾਨਕ ਟੈਸਟਿੰਗ ਤੋਂ ਬਿਨਾਂ ਆਗਿਆ ਦਿੱਤੀ ਗਈ ਹੈ, ਜਿਸ ਨਾਲ ਕਿਸਾਨਾਂ ਲਈ ਗੰਭੀਰ ਜੋਖਮ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਰੀੜ ਦੀ ਹੱਡੀ ਹੈ, ਜਿੱਥੇ ਕਿਸਾਨ ਫਸਲਾਂ ਉਗਾਉਂਦੇ ਹਨ, ਉਪਜ ਦਾ ਕੁਝ ਹਿੱਸਾ ਵੇਚਦੇ ਹਨ ਅਤੇ ਅਗਲੇ ਸੀਜ਼ਨ ਲਈ ਬੀਜ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੀਜਾਂ ਲਈ ਪੂਰੀ ਤਰ੍ਹਾਂ ਕੰਪਨੀਆਂ 'ਤੇ ਨਿਰਭਰ ਕਰਨ ਲਈ ਮਜਬੂਰ ਕਰਨਾ ਨਾ ਤਾਂ ਵਾਜਬ ਹੈ ਅਤੇ ਨਾ ਹੀ ਕਿਸਾਨਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਅਪੀਲ ਕੀਤੀ ਕਿ ਬਿੱਲ ਨੂੰ ਮੌਜੂਦਾ ਰੂਪ ਵਿੱਚ ਸੰਸਦ ਦੇ ਸਾਹਮਣੇ ਨਹੀਂ ਲਿਆਂਦਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਸਮੱਸਿਆਵਾਂ ਦੀ ਜਾਂਚ ਦਾ ਭਰੋਸਾ ਦਿੱਤਾ ਹੈ।
ਦਰਿਆਈ ਪਾਣੀਆਂ ਬਾਰੇ ਪੰਜਾਬ ਦੇ ਸਪੱਸ਼ਟ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ। ਸਤਲੁਜ, ਰਾਵੀ ਅਤੇ ਬਿਆਸ ਦੇ ਪਾਣੀਆਂ ਦੀ ਉਪਲਬਧਤਾ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਇਸ ਲਈ ਸਤਲਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਵਿਹਾਰਕ ਨਹੀਂ ਹੈ।"
ਉਨ੍ਹਾਂ ਕਿਹਾ ਕਿ ਇਨ੍ਹਾਂ ਦਰਿਆਵਾਂ ਦੇ 34.34 ਐਮ.ਏ.ਐਫ. ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 14.22 ਐਮ.ਏ.ਐਫ. ਅਲਾਟ ਕੀਤਾ ਗਿਆ ਸੀ, ਜੋ ਕਿ ਲਗਪਗ 40 ਫੀਸਦੀ ਹੈ ਅਤੇ ਬਾਕੀ 60 ਫ਼ੀਸਦੀ ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਅਲਾਟ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਦਰਿਆ ਅਸਲ ਵਿੱਚ ਇਨ੍ਹਾਂ ਸੂਬਿਆਂ ਵਿੱਚੋਂ ਨਹੀਂ ਵਗਦਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਨਾਲ ਘੋਰ ਬੇਇਨਸਾਫ਼ੀ ਹੈ ਅਤੇ ਇਸ ਨਹਿਰ ਨੂੰ ਬਣਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਦੇ ਅੱਗੇ ਪੰਜਾਬ ਦਾ ਸਟੈਂਡ ਸਪੱਸ਼ਟ ਹੈ ਕਿ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਅਨਾਜ ਦੀ ਢੋਆ-ਢੁਆਈ ਅਤੇ ਭੰਡਾਰਨ ਦੀ ਸਮੱਸਿਆ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, " ਐਫ.ਸੀ.ਆਈ. ਵੱਲੋਂ ਪਿਛਲੇ ਪੰਜ ਮਹੀਨਿਆਂ ਵਿੱਚ ਸੂਬੇ ਵਿੱਚੋਂ ਸਿਰਫ਼ 4 ਤੋਂ 5 ਲੱਖ ਮੀਟ੍ਰਿਕ ਟਨ ਕਣਕ ਅਤੇ 5 ਤੋਂ 6 ਲੱਖ ਮੀਟ੍ਰਿਕ ਟਨ ਚੌਲਾਂ ਦੀ ਹੀ ਢੋਆ-ਢੁਆਈ ਕੀਤੀ ਜਾ ਰਹੀ ਹੈ। ਸਾਉਣੀ ਮੰਡੀਕਰਨ ਸੀਜ਼ਨ 2025-26 ਦੇ 95 ਲੱਖ ਮੀਟ੍ਰਿਕ ਟਨ ਚੌਲਾਂ ਦੀ ਡਿਲੀਵਰੀ ਕੀਤੀ ਜਾਣ ਵਾਲੀ ਹੈ ਪਰ ਇਸ ਸਮੇਂ ਸਿਰਫ਼ 20 ਲੱਖ ਮੀਟ੍ਰਿਕ ਟਨ ਜਗ੍ਹਾ ਉਪਲਬਧ ਹੈ।"
ਉਨ੍ਹਾਂ ਕਿਹਾ ਕਿ ਸਾਉਣੀ ਖ਼ਰੀਦ ਸੀਜ਼ਨ 2025-26 ਦੇ ਕਸਟਮ ਮਿਲਡ ਚੌਲਾਂ ਦੀ ਸਮੇਂ ਸਿਰ ਡਿਲੀਵਰੀ ਅਤੇ 01.04.2026 ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2026-27 ਦੌਰਾਨ ਕਣਕ ਦੇ ਭੰਡਾਰਨ ਲਈ ਜਗ੍ਹਾ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਤੋਂ ਘੱਟੋ-ਘੱਟ 20 ਲੱਖ ਮੀਟਰਿਕ ਟਨ ਅਨਾਜ (ਕਣਕ ਅਤੇ ਚੌਲ ਲਈ 10-10 ਐਲ.ਐਮ.ਟੀ.) ਦੀ ਮਹੀਨਾਵਾਰ ਢੋਆ-ਢੁਆਈ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਸਟਾਕ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਰਾਸ਼ਟਰੀ ਪੂਲ ਵਿੱਚ ਲਗਪਗ 125 ਐਲ.ਐਮ.ਟੀ. ਕਣਕ ਦਾ ਯੋਗਦਾਨ ਪਾਉਂਦਾ ਹੈ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਲਈ ਢੁਕਵੀਂ ਸਟੋਰੇਜ ਜ਼ਰੂਰੀ ਹੈ।
ਆੜ੍ਹਤੀਆ ਕਮਿਸ਼ਨ ਦੇ ਮੁੱਦੇ 'ਤੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆੜ੍ਹਤੀਆ ਕਮਿਸ਼ਨ ਨੂੰ 2019-20 ਦੇ ਖਰੀਦ ਸੀਜ਼ਨ ਤੋਂ ਪੰਜਾਬ ਖੇਤੀਬਾੜੀ ਉਤਪਾਦ ਅਤੇ ਮਾਰਕੀਟਿੰਗ ਐਕਟ 1961 ਦੇ ਉਪਬੰਧਾਂ ਦੇ ਉਲਟ ਫ੍ਰੀਜ਼ ਕੀਤਾ ਗਿਆ ਹੈ ਅਤੇ ਇਸ ਵੇਲੇ ਕਣਕ ਲਈ ਕਮਿਸ਼ਨ 46 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਲਈ 45.88 ਰੁਪਏ ਪ੍ਰਤੀ ਕੁਇੰਟਲ ਤੱਕ ਸੀਮਤ ਕੀਤਾ ਗਿਆ ਹੈ।"
ਉਨ੍ਹਾਂ ਦੱਸਿਆ ਕਿ ਸਾਈਲੋਜ਼ 'ਤੇ ਅਨਾਜ ਦੀ ਖਰੀਦ ਲਈ ਆੜ੍ਹਤੀਆ ਕਮਿਸ਼ਨ ਘਟਾ ਕੇ ਰੈਗੂਲਰ ਮੰਡੀਆਂ ਦੇ ਮੁਕਾਬਲੇ ਅੱਧਾ ਕਰ ਦਿੱਤਾ ਗਿਆ ਹੈ ਅਤੇ ਜਨਵਰੀ 2024 ਵਿੱਚ ਆੜ੍ਹਤੀਆ ਕਮਿਸ਼ਨ ਦੀ ਸੋਧ ਲਈ ਗਠਿਤ ਕਮੇਟੀ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ, "ਆੜ੍ਹਤੀਏ ਏਜੰਟ ਨਹੀਂ ਹਨ, ਉਹ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਕਮਿਸ਼ਨ ਵਿੱਚ ਸੋਧ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਸੂਬੇ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਵਿੱਚ ਅੜਿੱਕਾ ਪੈਦਾ ਹੋ ਸਕਦਾ ਹੈ ਅਤੇ ਦਰਾਂ ਨੂੰ ਜਲਦ ਤੋਂ ਜਲਦ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ।"
ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਾ ਹੋਣ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਸਬੰਧਤ ਪੰਜਾਬ ਐਕਟਾਂ ਅਧੀਨ ਸਪੱਸ਼ਟ ਕਾਨੂੰਨੀ ਉਪਬੰਧਾਂ ਦੇ ਬਾਵਜੂਦ ਸੂਬਾ ਸਰਕਾਰ ਨੂੰ ਆਰ.ਡੀ.ਐਫ. ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਤਹਿਤ ਪੰਜਾਬ ਪੇਂਡੂ ਵਿਕਾਸ ਐਕਟ ਵਿੱਚ ਸੋਧ ਕੀਤੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਉਣੀ ਖਰੀਦ ਸੀਜ਼ਨ 2021-22 ਤੋਂ ਆਰ.ਡੀ.ਐਫ. ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।"
ਉਨ੍ਹਾਂ ਦੱਸਿਆ ਕਿ ਆਰ.ਡੀ.ਐਫ. ਦੇ 9030.91 ਕਰੋੜ ਰੁਪਏ ਅਤੇ ਮਾਰਕੀਟ ਫੀਸ ਦੇ 2267.83 ਕਰੋੜ ਰੁਪਏ ਲੰਬਿਤ ਹਨ। ਉਨ੍ਹਾਂ ਕਿਹਾ ਕਿ ਬਣਦਾ ਹਿੱਸਾ ਨਾ ਮਿਲਣ ਕਾਰਨ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਮਾੜਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ "ਆਰ.ਡੀ.ਐਫ. ਕੋਈ ਚੈਰਿਟੀ ਨਹੀਂ ਹੈ। ਇਹ ਪੰਜਾਬ ਦਾ ਹੱਕ ਹੈ ਅਤੇ ਅਸੀਂ ਆਪਣਾ ਹੱਕ ਮੰਗ ਰਹੇ ਹਾਂ।" ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਹਿਲੀ ਕਿਸ਼ਤ ਜਾਰੀ ਕਰਨ 'ਤੇ ਵਿਚਾਰ ਕਰਨ ਲਈ ਜਲਦ ਮੀਟਿੰਗ ਬੁਲਾਈ ਜਾਵੇਗੀ।
ਪ੍ਰਬੰਧਕੀ ਚਿੰਤਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੇ ਲੰਬੇ ਸਮੇਂ ਤੋਂ ਚੱਲ ਰਹੇ 60:40 ਅਨੁਪਾਤ ਨੂੰ ਬਣਾਈ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਅਹੁਦਿਆਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਆਬਕਾਰੀ, ਸਿੱਖਿਆ, ਵਿੱਤ ਅਤੇ ਸਿਹਤ ਵਰਗੇ ਵਿਭਾਗਾਂ ਵਿੱਚ ਅਸਾਮੀਆਂ ਨੂੰ ਸਟੇਟ ਯੂ.ਟੀ. ਕੇਡਰ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਯੂ.ਟੀ. ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਕੰਮਕਾਜ ਵਿੱਚ ਪੰਜਾਬ ਦੀ ਭੂਮਿਕਾ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਅਨੁਪਾਤ ਨੂੰ ਬਰਕਰਾਰ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਐਫ.ਸੀ.ਆਈ. ਪੰਜਾਬ ਦੇ ਜਨਰਲ ਮੈਨੇਜਰ ਵਜੋਂ ਨਿਯੁਕਤ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਪੰਜਾਬ ਕਾਡਰ ਦੇ ਅਧਿਕਾਰੀਆਂ ਨੂੰ ਅਨਾਜ ਦੀ ਖਰੀਦ, ਮੰਡੀਆਂ, ਭੰਡਾਰਨ ਅਤੇ ਢੋਆ-ਢੁਆਈ ਬਾਰੇ ਲੋੜੀਂਦੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅੰਕੜੇ ਦਰਸਾਉਂਦੇ ਹਨ ਕਿ ਇਸ ਅਹੁਦੇ 'ਤੇ ਰੈਗੂਲਰ ਨਿਯੁਕਤੀਆਂ ਪੰਜਾਬ ਕਾਡਰ ਤੋਂ ਹੁੰਦੀਆਂ ਰਹੀਆਂ ਹਨ, ਜਦੋਂ ਕਿ ਦੂਜੇ ਕਾਡਰ ਦੇ ਅਧਿਕਾਰੀਆਂ ਕੋਲ ਸਿਰਫ਼ ਅਸਥਾਈ ਚਾਰਜ ਹੁੰਦਾ ਹੈ। ਉਨ੍ਹਾਂ ਕੁਸ਼ਲਤਾ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਦੇ ਹਿੱਤ ਵਿੱਚ ਇਸ ਨਿਯਮ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਸਰਹੱਦੀ ਇਲਾਕਿਆਂ ਬਾਰੇ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੌਮਾਂਤਰੀ ਨਿਯਮਾਂ ਅਨੁਸਾਰ, ਉਸਾਰੀ ਜ਼ੀਰੋ ਲਾਈਨ ਤੋਂ 150 ਮੀਟਰ ਤੋਂ ਦੂਰ ਹੋਣੀ ਚਾਹੀਦੀ ਹੈ ਪਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਹੱਦੀ ਕੰਡਿਆਲੀ ਤਾਰ ਦੋ ਤੋਂ ਤਿੰਨ ਕਿਲੋਮੀਟਰ ਅੰਦਰ ਸਥਿਤ ਹੈ।” ਉਨ੍ਹਾਂ ਕਿਹਾ ਕਿ ਹਜ਼ਾਰਾਂ ਏਕੜ ਖੇਤੀਯੋਗ ਜ਼ਮੀਨ ਇਸ ਤਾਰ ਤੋਂ ਪਰ੍ਹੇ ਹੈ, ਜਿਸ ਕਾਰਨ ਕਿਸਾਨਾਂ ਨੂੰ ਰੋਜ਼ਾਨਾ ਪਛਾਣ ਪੱਤਰ ਦਿਖਾਉਣ ਅਤੇ ਬੀ.ਐਸ.ਐਫ. ਦੀ ਸੁਰੱਖਿਆ ਹੇਠ ਆਪਣੇ ਖੇਤਾਂ ਵਿੱਚ ਖੇਤੀ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ, “ਜੇਕਰ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਦੁਬਾਰਾ ਬਣਾਇਆ ਜਾਂਦਾ ਹੈ ਤਾਂ ਭਾਰਤੀ ਜ਼ਮੀਨ ਦਾ ਵੱਡਾ ਹਿੱਸਾ ਵਾੜ ਦੇ ਇਸ ਪਾਸੇ ਆ ਜਾਵੇਗਾ, ਜਿਸ ਨਾਲ ਕਿਸਾਨ ਬਿਨਾਂ ਕਿਸੇ ਡਰ ਅਤੇ ਰੋਜ਼ਾਨਾ ਦੀਆਂ ਪਾਬੰਦੀਆਂ ਤੋਂ ਖੇਤੀ ਕਰ ਸਕਣਗੇ ਅਤੇ ਇਸ ਨਾਲ ਕੌਮੀ ਸੁਰੱਖਿਆ ਨਾਲ ਸਮਝੌਤਾ ਵੀ ਨਹੀਂ ਕਰਨਾ ਪਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਮੁੱਦਾ ਵਿਚਾਰ ਅਧੀਨ ਹੈ ਅਤੇ ਪਠਾਨਕੋਟ ਵਿੱਚ ਵੀ ਇਸੇ ਤਰ੍ਹਾਂ ਦੀ ਵਿਵਸਥਾ ਸਬੰਧੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।