‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰਾਂ ਦੀਆਂ ਅਣ-ਅਧਿਕਾਰਤ ਉਸਾਰੀਆਂ ‘ਤੇ ਚੱਲਿਆ ਪੀਲਾ ਪੰਜਾ
-ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਨਸ਼ੇ ਖਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ, 21 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਸ਼ਹਿਰ ਦੇ ਮੁਹੱਲਾ ਵਾਲਮੀਕਿ, ਨੇੜੇ ਘੰਟਾ ਘਰ ਵਿਖੇ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹ ਦਿੱਤਾ।
ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਪੀ. (ਪੀ.ਬੀ.ਆਈ) ਮੇਜਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਹੇਠ ਸਿਵਲ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਮੁਹੱਲੇ ਦੇ ਕੇਸ਼ਵ ਗਾਂਧੀ ਉਰਫ ਕ੍ਰਿਸ਼ਨਾ, ਆਸ਼ੀਸ਼ ਫਰਵਾਹਾ ਉਰਫ ਲੁੰਡੀ ਅਤੇ ਰੂਬਲ ‘ਤੇ ਐਨ.ਡੀ.ਪੀ.ਐਸ ਐਕਟ ਤਹਿਤ ਵੱਖ-ਵੱਖ ਕੁੱਲ 9 ਮਾਮਲੇ ਦਰਜ ਹਨ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਕਬਜ਼ੇ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰਿਪੋਰਟ ਪੁਲਿਸ ਨੂੰ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਛੱਡ ਦੇਣ ਜਾਂ ਫਿਰ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ।
ਉਨ੍ਹਾਂ ਦੱਸਿਆ ਕਿ ਸਥਾਨਕ ਲੋਕ ਇਨ੍ਹਾਂ ਤਸਕਰਾਂ ਤੋਂ ਬਹੁਤ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਵਾਈ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕਰਦੇ ਹਨ।