ਬੀ ਪੀ ਈ ਓ ਕਾਦੀਆਂ 2 ਖਿਲਾਫ ਚੱਲ ਰਹੇ ਸੰਘਰਸ਼ ਨੂੰ ਪਿਆ ਬੂਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ ਤੇ ਸਿਖਿਆ ਵਿਭਾਗ ਪੰਜਾਬ ਆਇਆ ਹਰਕਤ ਵਿੱਚ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਕੂਲ ਦੀ ਹਾਈ ਪਾਵਰ ਜਾਂਚ ਕਮੇਟੀ ਕੱਲ੍ਹ ਦੇਵੇਗੀ ਰਿਪੋਰਟ
ਰੋਹਿਤ ਗੁਪਤਾ
ਗੁਰਦਾਸਪੁਰ 22 ਜਨਵਰੀ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਅਤੇ ਜਨਤਕ ਜਥੇਬੰਦੀਆਂ ਵੱਲੋਂ ਬੀ ਪੀ ਈ ਓ ਕਾਦੀਆਂ 2 ਪੋਹਲਾ ਸਿੰਘ ਖਿਲਾਫ ਕਾਰਵਾਈ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਬੂਰ ਪਿਆ ਹੈ। ਜਦੋਂ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਦਾ ਦਫ਼ਤਰ ਹਰਕਤ ਵਿੱਚ ਆਇਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਹੋਈ ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਮੈਂਬਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਜਥੇਬੰਦੀਆਂ ਦੇ ਦਬਾਅ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀ ਪੀ ਈ ਓ ਕਾਦੀਆਂ 2 ਪੋਹਲਾ ਸਿੰਘ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ।
ਡਿਪਟੀ ਕਮਿਸ਼ਨਰ ਸਾਹਿਬ ਗੁਰਦਾਸਪੁਰ ਨੇ ਪੀੜਤ ਪ੍ਰਾਇਮਰੀ ਸਕੂਲ ਅਧਿਆਪਕਾਵਾਂ ਨੂੰ ਇਨਸਾਫ ਦੇਣ ਦੇ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਨਿਡਰ ਹੋ ਕੇ ਕੰਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਮਸਿਆ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਸੰਪਰਕ ਕਰਨ ਦੇ ਆਦੇਸ਼ ਦਿੱਤੇ ਹਨ। ਉਹਨਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਿਖਿਆ ਵਿਭਾਗ ਵਿਚ ਔਰਤ ਅਧਿਆਪਕਾਂਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਔਰਤ ਵਿਰੋਧੀ ਮਾਨਸਿਕਤਾ ਵਾਲੇ ਬੀ ਪੀ ਈ ਓ ਕਾਦੀਆਂ 2 ਨੂੰ ਤੁਰੰਤ ਬਦਲਣ ਦੀ ਲੋੜ ਤੇ ਜ਼ੋਰ ਦਿੱਤਾ ਹੈ। ਉਧਰ ਉੱਚ ਅਧਿਕਾਰੀਆਂ ਦੇ ਆਦੇਸ਼ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਵਲੋਂ ਇੱਕ ਪੰਜ ਮੈਂਬਰੀ ਜਾਂਚ ਪੜਤਾਲ ਟੀਮ ਦਾ ਗਠਨ ਕੀਤਾ ਹੈ ਜਿਸ ਵਿਚ ਦੋ ਇਸਤਰੀ ਪ੍ਰਿੰਸੀਪਲ, ਇੱਕ ਪੁਰਸ਼ ਪ੍ਰਿੰਸੀਪਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਖੁਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਮੈਂਬਰ ਹਨ। ਕਮੇਟੀ ਵੱਲੋਂ ਦੋਨਾਂ ਧਿਰਾਂ ਨੂੰ 23 ਜਨਵਰੀ ਨੂੰ ਗਿਆਰਾਂ ਵਜੇ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਦੇ ਦਫ਼ਤਰ ਪੁੱਜਣ ਦੀ ਤਾਕੀਦ ਕੀਤੀ ਹੈ। ਇਹ ਵਰਨਣਯੋਗ ਹੈ ਕਿ ਸਿਖਿਆ ਵਿਭਾਗ ਪੰਜਾਬ ਦੇ ਫਤਿਹ ਗੜ੍ਹ ਚੂੜੀਆਂ ਬਲਾਕ ਅਤੇ ਕਾਦੀਆਂ 2 ਦੀਆਂ ਔਰਤਾ ਅਧਿਆਪਕਾਵਾਂ ਲੰਮੇ ਸਮੇਂ ਤੋਂ ਇਨਸਾਫ ਦੀ ਮੰਗ ਕਰ ਰਹੀਆਂ ਸਨ। ਪਰ ਵਿਭਾਗ ਵੱਲੋਂ ਇਸ ਸਬੰਧੀ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਦੇ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ, ਜਰਨਲ ਸਕੱਤਰ ਅਮਰਜੀਤ ਸਿੰਘ ਕੋਠੇ ਘੁਰਾਲਾ, ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਦੀ ਕਨਵੀਨਰ ਬਲਵਿੰਦਰ ਕੌਰ ਰਾਵਲਪਿੰਡੀ ਅਤੇ ਕੋ ਕਨਵੀਨਰ ਗੁਰਮਿੰਦਰ ਕੌਰ ਬਹਿਰਾਮਪੁਰ, ਡੈਮੋਕ੍ਰੇਟਿਕ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਦੀ ਪ੍ਰਧਾਨ ਬਲਵਿੰਦਰ ਕੌਰ ਅਲੀ ਸ਼ੇਰ, ਜਰਨਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ, ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਵਰਕਰਾਂ ਦੀ ਪ੍ਰਧਾਨ ਗੁਰਪ੍ਰੀਤ ਕੌਰ ਕੁਹਾਲੀ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ, ਅਨੋਖ ਸਿੰਘ ਘੋੜੇ ਵਾਹ ਨੇ ਸਿਖਿਆ ਵਿਭਾਗ ਪੰਜਾਬ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਵਿਭਾਗ ਵੱਲੋਂ ਕੋਈ ਇਨਸਾਫ ਨਾ ਦਿੱਤਾ ਤਾਂ ਜਥੇਬੰਦੀਆਂ ਵੱਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਦਾਸਪੁਰ ਦੀ ਹੋਵੇਗੀ।