ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਰੋਹਿਤ ਗੁਪਤਾ
ਗੁਰਦਾਸਪੁਰ, 24 ਜਨਵਰੀ 26 ਜਨਵਰੀ ਨੂੰ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਨਿਰੀਖਣ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਗੁਪਤਾ, ਐੱਸ.ਪੀ. ਸ੍ਰੀ ਜੁਗਰਾਜ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।
ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ, ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਸ, ਪੰਜਾਬ ਪੁਲਿਸ ਅਤੇ ਭਾਰਤੀ ਫ਼ੌਜ ਦੀ ਬੈਂਡ ਟੀਮ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਸ੍ਰੀ ਮਨਿੰਦਰਪਾਲ ਸਿੰਘ ਡੀ.ਐੱਸ.ਪੀ ਵੱਲੋਂ ਕੀਤੀ ਗਈ।
ਉਪਰੰਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਬੀ.ਐੱਸ.ਐੱਫ. ਵੱਲੋਂ ਇੱਕ ਵਿਸ਼ੇਸ਼ ਬੂਥ ਲਗਾ ਕੇ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿੱਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਮਨਾਇਆ ਜਾਵੇਗਾ।
ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਤਹਿਸੀਲਦਾਰ ਗੁਰਪ੍ਰੀਤ ਕੰਬੋਜ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਡਾ. ਪ੍ਰਭਜੋਤ ਕੌਰ ਕਲਸੀ, ਸਹਾਇਕ ਸਿਵਲ ਸਰਜਨ, ਪਰਮਜੀਤ ਕੌਰ, ਜ਼ਿਲਾ ਸਿੱਖਿਆ ਅਫਸਰ, ਪਰਸ਼ੋਤਮ ਸਿੰਘ ਜਿਲਾ ਰੋਜਗਾਰ ਅਫਸਰ, ਜਸਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪਰਮਿੰਦਰ ਸਿੰਘ ਸੈਣੀ ਨੋਡਲ ਅਫਸਰ, ਹਰਮਨਜੀਤ ਸਿੰਘ, ਮੁਕੇਸ ਕੁਮਾਰ ਵਰਮਾ ਸਹਾਇਕ ਨੋਡਲ ਅਫਸਰ ਸਮੇਤ ਵੱਖਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।