ਪੰਜਾਬ ਵਿੱਚ ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਸੁਰੱਖਿਆ ਵਧਾਈ, 6000 ਵਾਧੂ ਪੁਲਿਸ ਨਫ਼ਰੀ ਤਾਇਨਾਤ
ਡੀਜੀਪੀ ਗੌਰਵ ਯਾਦਵ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਸਮਾਜ ਵਿਰੋਧੀ ਤੱਤਾਂ ’ਤੇ ਬਾਜ਼ ਅੱਖ ਰੱਖਣ ਲਈ 6000 ਵਾਧੂ ਪੁਲਿਸ ਨਫ਼ਰੀ ਨੂੰ ਕੀਤਾ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
“ਗੈਂਗਸਟਰ ’ਤੇ ਵਾਰ” ਮੁਹਿੰਮ ਦੇ 5ਵੇਂ ਦਿਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਕੀਤੀ ਜਾ ਰਹੀ ਹੈ ਵਿਸ਼ੇਸ਼ ਚੈਕਿੰਗ
‘ਯੁੱਧ ਨਸ਼ਿਆਂ ਵਿਰੁੱਧ’ ਦੇ 329ਵੇਂ ਦਿਨ 58 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ-2026 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਵਿਸ਼ੇਸ਼ ਕਾਰਵਾਈਆਂ ਨੂੰ ਅੰਜਾਮ ਦੇਣ ਲਈ 6000 ਵਾਧੂ ਪੁਲਿਸ ਨਫ਼ਰੀ ਨੂੰ ਤਾਇਨਾਤ ਕੀਤਾ ਗਿਆ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਹਦਾਇਤਾਂ ਕੀਤੀਆਂ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ, ‘‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ, ਸੂਬੇ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਆਪਣੇੇ ਅਧਿਕਾਰ ਖੇਤਰਾਂ ਵਿੱਚ ਹੋਟਲਾਂ ਅਤੇ ਸਰਾਵਾਂ ਦੀ ਨੇੜਿਓਂ ਜਾਂਚ ਕਰ ਰਹੀਆਂ ਹਨ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸਮੇਂ ਸੁਚੇਤ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ। ਉਨ੍ਹਾਂ ਅੱਗੇ ਕਿਹਾ, ‘‘ਲੋਕ 112 ਹੈਲਪਲਾਈਨ ਨੰਬਰ ’ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ।’’
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ 329ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਹੈਰੋਇਨ, 15 ਕਿਲੋ ਭੁੱਕੀ, 505 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8940 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 329 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,353 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।