ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜਯੋਗ : ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ
ਅਸ਼ੋਕ ਵਰਮਾ
ਬਠਿੰਡਾ, 29 ਜਨਵਰੀ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਉੜੀਆ ਬਸਤੀ ਵਿਖੇ ਕੁਸ਼ਟ ਰੋਗ (ਲੈਪਰੋਸੀ) ਸਬੰਧੀ ਜਾਗਰੂਕ ਕੀਤਾ ਗਿਆ । ਇਸ ਦੌਰਾਨ ਸਿਹਤ ਕਰਮਚਾਰੀਆਂ ਨੇ ਬਸਤੀ ਦੇ ਲੋਕਾਂ ਨੂੰ ਕੁਸ਼ਟ ਰੋਗ ਦੇ ਲੱਛਣਾਂ, ਬਚਾਅ ਅਤੇ ਮੁਫ਼ਤ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸਿਵਲ ਸਰਜਨ ਡਾ ਤਪਿੰਦਰਜੋਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਠੀਕ ਹੋ ਸਕਣ ਵਾਲੀ ਬੀਮਾਰੀ ਹੈ ਅਤੇ ਇਸ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ। ਉਨ੍ਹਾਂ ਕਿਹਾ ਕਿ ਚਮੜੀ ਉੱਤੇ ਸੁੰਨ ਪੈਚ, ਸੁੰਨਪਣ ਜਾਂ ਨਾ ਭਰਨ ਵਾਲੇ ਜਖ਼ਮ ਕੁਸ਼ਟ ਰੋਗ ਦੇ ਮੁੱਖ ਲੱਛਣ ਹੋ ਸਕਦੇ ਹਨ, ਜਿਸ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਸ਼ਟ ਰੋਗ ਦੇ ਮਰੀਜ਼ਾਂ ਨਾਲ ਭੇਦਭਾਵ ਕਰਨਾ ਗਲਤ ਹੈ ਅਤੇ ਸਮੇਂ ਸਿਰ ਇਲਾਜ ਨਾਲ ਮਰੀਜ਼ ਸਿਹਤਮੰਦ ਜੀਵਨ ਜੀ ਸਕਦਾ ਹੈ। ਸਿਹਤ ਵਿਭਾਗ ਵੱਲੋਂ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਬੀਮਾਰੀ ਬਾਰੇ ਸਹੀ ਜਾਣਕਾਰੀ ਮਿਲ ਸਕੇ ਅਤੇ ਡਰ ਜਾਂ ਭਰਮ ਦੂਰ ਕੀਤੇ ਜਾ ਸਕਣ। ਇਸ ਮੌਕੇ ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਕੁਸ਼ਟ ਰੋਗ ਦੀ ਪਹਿਚਾਣ ਅਤੇ ਇਲਾਜ ਸਬੰਧੀ ਪੰਫ਼ਲਟ ਵੀ ਵੰਡੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਕ੍ਰੀਨਿੰਗ ਕਰਵਾਉਣ ਦੀ ਅਪੀਲ ਕੀਤੀ।