ਲੁਧਿਆਣਾ ਪੁਲਿਸ ਦੀ ਵੱਡੀ ਸਫਲਤਾ: ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ
10 ਮੋਬਾਈਲ ਅਤੇ 2 ਮੋਟਰਸਾਈਕਲ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ, 31 ਜਨਵਰੀ 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (IPS) ਅਤੇ ਐਡੀਸ਼ਨਲ ਕਮਿਸ਼ਨਰ ਰੁਪਿੰਦਰ ਸਿੰਘ (IPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਵਾਈ ਕਰਦਿਆਂ ਥਾਣਾ ਡਵੀਜ਼ਨ ਨੰਬਰ-4 ਦੀ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਿਸ਼ੀ ਪੁੱਤਰ ਅਨੂਪ ਕੁਮਾਰ, ਵਾਸੀ ਗਲੀ ਨੰਬਰ 1, ਮੇਹਰਬਾਨ ਚੁੰਗੀ, ਲੁਧਿਆਣਾ ਤੇ ਆਦਿਲ ਪੁੱਤਰ ਜੁਲਫਕਾਰ, ਵਾਸੀ ਗਲੀ ਨੰਬਰ 4, ਮੇਹਰਬਾਨ, ਲੁਧਿਆਣਾ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਮੋਬਾਈਲ ਫ਼ੋਨ (ਵੱਖ-ਵੱਖ ਮਾਰਕਾ ਤੇ 02 ਮੋਟਰਸਾਈਕਲ (ਵਾਰਦਾਤਾਂ ਵਿੱਚ ਵਰਤੇ ਜਾਣ ਵਾਲੇ ਬਰਾਮਦ ਕੀਤੇ। ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਸਮੀਰ ਵਰਮਾ (PPS), ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਜ਼ੋਨ-1) ਅਤੇ ਅਨਿਲ ਕੁਮਾਰ ਭਨੋਟ (PPS), ਸਹਾਇਕ ਕਮਿਸ਼ਨਰ ਪੁਲਿਸ (ਕੇਂਦਰੀ) ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ, ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ-4 ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਆਪਣੇ ਨਸ਼ੇ ਦੀ ਪੂਰਤੀ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਥਾਣਾ ਡਵੀਜ਼ਨ ਨੰਬਰ-4 ਵਿੱਚ ਮੁਕੱਦਮਾ ਨੰਬਰ 18, ਮਿਤੀ 30-01-2026 ਨੂੰ ਅ/ਧ 304, 317(2) BNS ਤਹਿਤ ਮਾਮਲਾ ਦਰਜ ਕਰ ਲਿਆ ਹੈ । ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਰਾਹੀਂ ਇਨ੍ਹਾਂ ਦੇ ਹੋਰ ਸਾਥੀਆਂ ਅਤੇ ਪੁਰਾਣੀਆਂ ਵਾਰਦਾਤਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।