ਮਹਾਂਪੰਚਾਇਤ ਜਾਂਦਿਆਂ ਬੱਸ ਹਾਦਸੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ
ਅਸ਼ੋਕ ਵਰਮਾ
ਭਗਤਾ ਭਾਈ ,31 ਜਨਵਰੀ 2026 : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 4 ਜਨਵਰੀ 2025 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਹਰਿਆਣਾ ਦੇ ਟੋਹਾਣਾ ਵਿਖੇ ਰੱਖੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਜ਼ਾਂਦੇ ਸਮੇ ਬੱਸ ਹਾਦਸੇ ਦੌਰਾਨ ਸ਼ਹੀਦ ਹੋਏ ਕਿਸਾਨ ਆਗੂ ਬਸੰਤ ਸਿੰਘ ,ਕਰਮ ਸਿੰਘ, ਅਤੇ ਬਲਵੀਰ ਕੌਰ, ਜਸਵੀਰ ਕੌਰ, ਸਰਬਜੀਤ ਕੌਰ ਕੋਠਾ ਗੁਰ ਦੀ ਪਹਿਲੀ ਬਰਸੀ ਪਿੰਡ ਦੇ ਵੱਡੇ ਅਗਵਾੜ ਵਿਖੇ ਮਨਾਈ। ਇਸ ਮੌਕੇ ਕਿਸਾਨੀ ਘੋਲ ਦੌਰਾਨ ਕੁੱਝ ਸਮਾਂ ਸੇਵਾਵਾਂ ਨਿਭਾਉਣ ਵਾਲੇ ਪਿੰਡ ਕੋਠਾ ਗੁਰੂ ਦੇ ਮਾਸਟਰ ਬੂਟਾ ਸਿੰਘ ਨੂੰ ਵੀ ਯਾਦ ਕੀਤਾ ਗਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਕਿਸਾਨ ਅੰਦੋਲਨ ਦੀਆਂ ਬਕਾਇਆ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਜਾਰੀ ਹੈ ਪਰ ਕੇਂਦਰ ਸਰਕਾਰ ਇਹ ਮੰਗਾਂ ਪੂਰੀਆਂ ਕਰਨ ਦੀ ਥਾਂ ਕਿਰਤੀ ਲੋਕਾਂ ਤੇ ਨਿੱਤ ਨਵੇਂ ਹਮਲੇ ਕਰ ਰਹੀ ਹੈ।
ਉਹਨਾਂ ਕਿਹਾ ਕਿ ਇਨ੍ਹਾਂ ਵਿੱਚ ਕਿਰਤੀ ਲੋਕਾਂ ਦੇ ਘਰਾਂ ਵਿੱਚ ਹਨੇਰਾ ਕਰਨ ਲਈ 2025 ਬਿਜਲੀ ਐਕਟ, ਖੇਤੀ ਨੂੰ ਖੇਤਰ ਤਬਾਹੀ ਦੇ ਕੰਡੇ ਤੇ ਲਿਆਉਣ ਵਾਲਾ ਬੀਜ ਐਕਟ, ਅਤੇ ਸਾਰੇ ਜਨਤਕ ਅਦਾਰਿਆਂ ਦਾ ਕੇਂਦਰੀ ਕਰਨ ਕਰਕੇ ਕਾਰਪਰੇਟਾਂ ਦੇ ਹਵਾਲੇ ਕਰਨ ਲਈ ਕਾਨੂੰਨਾਂ ਵਿੱਚ ਸੋਧਾਂ ਕਰ ਕਿ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਔਰਤ ਜਥੇਬੰਦੀ ਦੇ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਇਹਨਾਂ ਲੋਕ ਮਾਰੂ ਨੀਤੀਆਂ ਦਾ ਸਭ ਤੋਂ ਵੱਧ ਅਸਰ ਔਰਤਾਂ ਤੇ ਹੋ ਰਿਹਾ ਹੈ ਇਸ ਕਰਕੇ ਔਰਤਾਂ ਨੂੰ ਵੀ ਸੰਘਰਸ਼ਾਂ ਦੇ ਵਿੱਚ ਬਰਾਬਰ ਯੋਗਦਾਨ ਪਾਉਣਾ ਪਵੇਗਾ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਮਜ਼ਦੂਰਾਂ ਤੋਂ ਜੀ ਰਾਮ ਜੀ ਦੇ ਨਾਂ ਤੇ ਨਰੇਗਾ ਖਤਮ ਕਰਕੇ ਤੁੱਛ ਸਹੂਲਤਾਂ ਕ਼ ਖੋਹਣ,ਅਤੇ ਸਨਅਤੀ ਮਜ਼ਦੂਰਾਂ ਦੇ ਕਿਰਤ ਕੋਡ ਲਾਗੂ ਕਰਨ ਵਰਗੇ ਮੁੱਦੇ ਉਠਾਏ । ਉਹਨਾਂ ਕਿਹਾ ਕਿ ਜਿਸ ਕਾਰਜ ਲਈ ਇਨ੍ਹਾਂ ਸ਼ਹੀਦਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਉਹ ਕਾਜ ਪੂਰੇ ਕਰਨੇ ਹੀ ਇਹਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਲੋਕ ਮੋਰਚਾ ਦੇ ਆਗੂ ਜਗਮੇਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸਾਮਰਾਜੀ ਮੁਲਕਾਂ ਦੀਆਂ ਨੀਤੀਆਂ ਖਿਲਾਫ ਡਟਣ ਅਤੇ ਲਹਿਰ ਖੜ੍ਹੀ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਬਠਿੰਡਾ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ 6 ਫਰਵਰੀ ਦੇ ਧਰਨੇ ਵਿੱਚ ਪੁੱਜਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਮੌਕੇ ਕਿਸਾਨ ਆਗੂ ਮਾਲਣ ਕੌਰ ਨੇ ਇਕੱਠ ਦਾ ਧੰਨਵਾਦ ਕਰਦਿਆਂ ਪਿੰਡ ਵੱਲੋਂ ਕਿਸਾਨ ਲਹਿਰ ਵਿੱਚ ਯੋਗਦਾਨ ਜਾਰੀ ਰੱਖਣ ਦਾ ਭਰੋਸਾ ਦਿਵਾਇਆ। ਇਸ ਮੌਕੇ ਟੀਐਸਯੂ ਭੰਗਲ ਦੇ ਸੂਬਾ ਮੀਤ ਪ੍ਰਧਾਨ ਚੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੁਕਤਸਰ ਜ਼ਿਲ੍ਹੇ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ, ਬਠਿੰਡਾ ਜ਼ਿਲ੍ਹੇ ਦੇ ਆਗੂ ਨਛੱਤਰ ਸਿੰਘ ਢੱਡੇ, ਜਸਵੀਰ ਸਿੰਘ ਬੁਰਜ ਸੇਮਾ, ਜਗਸੀਰ ਸਿੰਘ ਝੁੰਬਾ, ਜਗਦੇਵ ਸਿੰਘ ਜੋਗੇਵਾਲਾ, ਕਰਮਜੀਤ ਕੌਰ ਲਹਿਰਾ ਖਾਨਾ, ਹਰਪ੍ਰੀਤ ਕੌਰ ਜੇਠੂਕੇ ਸਮੇਤ ਬਲਾਕਾਂ ਪਿੰਡਾਂ ਦੇ ਸਰਗਰਮ ਆਗੂ ਸਾਮਲ ਸਨ। ਲੋਕ ਸੰਗੀਤ ਮੰਡਲੀ ਜਗਸੀਰ ਸਿੰਘ ਜੀਦਾ ਅਤੇ ਹਰਬੰਸ ਘਣੀਆ, ਰਾਮ ਹਠੂਰ ਵੱਲੋਂ ਲੋਕ ਪੱਖੀ ਗੀਤ ਪੇਸ਼ ਕੀਤੇ ਗਏ।