ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਾਹਪੁਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਕਿਹਾ-ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਦੇ 10 ਲੱਖ ਰੁਪਏ ਵਾਲੇ ਮੁਫ਼ਤ ਇਲਾਜ ਦੇ ਕਾਰਡ ਬਣਾਏ ਜਾ ਰਹੇ ਹਨ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਜਨਵਰੀ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਪਿੰਡ ਸ਼ਾਹਪੁਰ ਜਾਜਨ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੂਣ ਕੇ ਹੱਲ ਕੀਤੀਆਂ ਤੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਗਰੂਕ ਕੀਤਾ।
ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਚਹੁਪੱਖੀ ਵਿਕਾਸ ਕਾਰਜਾਂ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕੇ ਡੇਰਾ ਬਾਬਾ ਨਾਨਕ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਗਏ ਹਨ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਆਪ ਪਾਰਟੀ ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲੈ ਕੇ ਜਾਣਾ ਹੋਵੇਗਾ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਅਤੇ ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”
ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।