ਵਿਆਹ ਸਮਾਗਮ 'ਚ ਮਰਿਆਦਾ ਦੀ ਉਲੰਘਣਾ ਦਾ ਮਾਮਲਾ: ਸਿਮਰਨਜੀਤ ਮਾਨ ਦੇ ਦੋਹਤੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਖ਼ਿਮਾ ਯਾਚਨਾ
Babushahi Network
ਅੰਮ੍ਰਿਤਸਰ, 2 ਫਰਵਰੀ 2026: ਬੀਤੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਧਾਰਮਿਕ ਮਰਿਆਦਾ ਦੀ ਉਲੰਘਣਾ ਕਰਨ ਦੇ ਲੱਗੇ ਦੋਸ਼ਾਂ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਤਮਸਤਕ ਹੋਏ।
ਕੀ ਸੀ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਵਿਆਹ ਸਮਾਗਮ ਦੌਰਾਨ ਗੋਵਿੰਦ ਸਿੰਘ ਸੰਧੂ ਉੱਪਰ ਚੌਰ ਕਰਵਾਉਣ ਅਤੇ ਛਤਰ ਝੁਲਾਉਣ ਦੀਆਂ ਵੀਡੀਓਜ਼ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਸਿੱਖ ਸੰਗਤਾਂ ਅਤੇ ਧਾਰਮਿਕ ਹਲਕਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਨੂੰ ਸਿੱਖ ਮਰਿਆਦਾ ਦੀ ਸਿੱਧੀ ਉਲੰਘਣਾ ਮੰਨਿਆ ਗਿਆ ਸੀ।
ਅੱਜ ਗੋਵਿੰਦ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਭੁੱਲ ਸਵੀਕਾਰ ਕਰਦਿਆਂ ਇੱਕ ਲਿਖਤੀ ਖ਼ਿਮਾ ਯਾਚਨਾ ਪੱਤਰ ਜਥੇਦਾਰ ਸਾਹਿਬ ਨੂੰ ਸੌਂਪਿਆ। ਇਸ ਪੱਤਰ ਰਾਹੀਂ ਉਨ੍ਹਾਂ ਨੇ ਅਣਜਾਣੇ ਵਿੱਚ ਹੋਈ ਗਲਤੀ ਲਈ ਗੁਰੂ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੀ ਮੰਗ ਕੀਤੀ ਹੈ।