ਗੁਰਦਾਸਪੁਰ: ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ; ਕਾਰ ਪਲਟੀ- ਦੋ ਗੰਭੀਰ ਜ਼ਖ਼ਮੀ
ਰੋਹਿਤ ਗੁਪਤਾ
ਗੁਰਦਾਸਪੁਰ/ਧਾਰੀਵਾਲ, 3 ਫਰਵਰੀ 2026- ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਫੱਜੂਪੁਰ (ਨੇੜੇ ਧਾਰੀਵਾਲ) ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਸੜਕ ਕਿਨਾਰੇ ਪਲਟ ਗਈ ਅਤੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ।
ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਉਹ ਗੁਰਦਾਸਪੁਰ ਤੋਂ ਧਾਰੀਵਾਲ ਵੱਲ ਜਾ ਰਹੇ ਸਨ। ਚਸ਼ਮਦੀਦਾਂ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਫ਼ੋਨ ਕਰਕੇ ਕਿਸੇ ਹੋਰ ਨੂੰ ਬੁਲਾਇਆ ਅਤੇ ਉਸ ਦੀ ਗੱਡੀ ਵਿੱਚ ਬੈਠ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਸ.ਐਫ. ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ।
ਮੌਕੇ 'ਤੇ ਪਹੁੰਚੇ ਥਾਣਾ ਧਾਰੀਵਾਲ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਾਦਸਾ ਕਿਸ ਦੀ ਗ਼ਲਤੀ ਕਾਰਨ ਵਾਪਰਿਆ। ਫ਼ਰਾਰ ਕਾਰ ਚਾਲਕ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰੀ ਸੀ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।