ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਦਿੜ੍ਹਬਾ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਐਲਾਨ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 3 ਫਰਵਰੀ 2026 : ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਵੱਲੋਂ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਤੇ 7 ਫ਼ਰਵਰੀ ਦੀ ਦਿੜ੍ਹਬਾ ਰੈਲੀ ਦੀ ਤਿਆਰੀ ਲਈ ਕੀਤੀ ਗੇਟ ਰੈਲੀ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਬਾਦਲ ਸਿੰਘ ਭੁੱਲਰ ,ਬਲਜਿੰਦਰ ਸਿੰਘ ਮਾਨ,ਹਰਦੀਪ ਸਿੰਘ ਤੱਗੜ,ਗੁਰਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ।
ਉਹਨਾਂ ਕਿਹਾ ਕਿ ਇਸ ਦੇ ਵਿਰੋਧ ਵਜੋਂ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ "07 ਫ਼ਰਵਰੀ 2026" ਨੂੰ ਦਿੜ੍ਹਬਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ,ਜਿਸ ਵਿੱਚ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣਗੇ।ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ,ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ ।