ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਟੀ.ਜੀ.ਟੀ ਹਿੰਦੀ ਅਧਿਆਪਕ ਨੂੰ ਕੀਤਾ ਸਸਪੈਂਡ
Babushahi Network
ਚੰਡੀਗੜ੍ਹ, 4 ਫਰਵਰੀ 2026- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਆਦੇਸ਼ 'ਤੇ ਕਨੀਪਲਾ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦੇ ਟੀਜੀਟੀ ਹਿੰਦੀ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਅਧਿਆਪਕ 'ਤੇ ਸਕੂਲ ਦੀ ਵਿਦਿਆਰਥਣ ਨਾਲ ਗਲਤ ਵਿਹਾਰ ਕਰਨ ਦੇ ਮਾਮਲੇ ਵਿੱਚ ਪੋਕਸੋ ਐਕਟ ਤਹਿਤ ਮੁਕਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ।
ਹੁਣ ਲਾਡਵਾ ਵਿੱਚ ਜਨਸੰਵਾਦ ਦੌਰਾਨ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਆਪਕ ਨੂੰ ਸਸਪੈਂਡ ਕਰਨ ਲਈ ਆਦੇਸ਼ ਦਿੱਤੇ। ਇੰਨ੍ਹਾਂ ਆਦੇਸ਼ਾਂ ਤੋਂ ਤੁਰੰਤ ਬਾਅਦ ਹਰਿਆਣਾ ਮੁੱਢਲੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਵੱਲੋਂ ਅਧਿਆਪਕ ਸਮੀਰ ਕੌਸ਼ਿਕ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਬੁੱਧਵਾਰ ਨੂੰ ਲਾਡਵਾ ਜਨਸੰਵਾਦ ਵਿੱਚ ਪੀੜਤ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਰੱਖੀ ਕਿ ਕਨੀਪਲਾ ਜੀਐਮਐਸਐਸ ਸਕੂਲ ਵਿੱਚ ਉਨ੍ਹਾਂ ਦੀ ਬੇਟੀ 7ਵੀਂ ਕਲਾਸ ਵਿੱਚ ਪੜ੍ਹਦੀ ਹੈ। ਇਸ ਸਕੂਲ ਦੇ ਅਧਿਆਪਕ ਸਮੀਰ ਕੌਸ਼ਿਕ ਨੇ ਉਨ੍ਹਾਂ ਦੀ ਬੇਟੀ ਨਾਲ ਦੁਰਵਿਵਹਾਰ ਕੀਤਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਪੁਲਿਸ ਨੇ ਇਸ ਮਾਮਲੇ ਵਿੱਚ 19 ਦਸੰਬਰ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕੀਤਾ।
ਇਸ ਐਫਆਈਆਰ ਤੋਂ ਬਾਅਦ ਪੁਲਿਸ ਨੇ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਵੀ ਕੀਤਾ, ਪਰ ਹੁਣ ਤੱਕ ਦੋਸ਼ੀ ਅਧਿਆਪਕ ਨੂੰ ਸਸਪੈਂਡ ਨਹੀਂ ਕੀਤਾ ਗਿਆ ਸੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਨਸੰਵਾਦ ਵਿੱਚ ਹੀ ਟੈਲੀਫੋਨ 'ਤੇ ਮੁੱਖ ਦਫਤਰ ਪੰਚਕੂਲਾ ਦੇ ਆਲਾ ਅਧਿਕਾਰੀਆਂ ਨੂੰ ਦੋਸ਼ੀ ਅਧਿਆਪਕ ਨੂੰ ਤੁਰੰਤ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।