ਪੰਜਾਬ 'ਚ ਵੱਡੀ ਵਾਰਦਾਤ; ਮਜ਼ਦੂਰਾਂ 'ਤੇ ਅੰਨ੍ਹੇਵਾਹ ਫਾਇਰਿੰਗ
ਬਾਈਕ ਸਵਾਰ ਤਿੰਨ ਹਮਲਾਵਰਾਂ ਨੇ ਮਾਰੀਆਂ ਗੋਲੀਆਂ; ਇੱਕ ਮਜ਼ਦੂਰ ਗੰਭੀਰ ਜ਼ਖ਼ਮੀ, ਹਸਪਤਾਲ ਦਾਖ਼ਲ
Babushahi Network
ਮੋਗਾ 10 ਫਰਵਰੀ 2026: ਮੋਗਾ-ਜ਼ੀਰਾ ਮੁੱਖ ਮਾਰਗ 'ਤੇ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਕੰਮ ਤੋਂ ਵਾਪਸ ਆ ਰਹੇ ਮਜ਼ਦੂਰਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਇੱਕ ਮਜ਼ਦੂਰ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਮਜ਼ਦੂਰ ਇਲਾਕੇ ਦੀ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ। ਰੋਜ਼ਾਨਾ ਦੀ ਤਰ੍ਹਾਂ ਜਦੋਂ ਉਹ ਆਪਣੀ ਡਿਊਟੀ ਖ਼ਤਮ ਕਰਕੇ ਫੈਕਟਰੀ ਤੋਂ ਵਾਪਸ ਘਰ ਜਾ ਰਹੇ ਸੀ, ਤਾਂ ਰਸਤੇ ਵਿੱਚ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਨੇ ਬਿਨਾਂ ਕਿਸੇ ਭੜਕਾਹਟ ਦੇ ਮਜ਼ਦੂਰਾਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਮਜ਼ਦੂਰ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।