ਪੰਜਾਬ ਨੂੰ ਖੇਡਾਂ ਵਿੱਚ ਮੁੜ 'ਨੰਬਰ ਇੱਕ' ਬਣਾਉਣ ਦੀ ਤਿਆਰੀ; CM ਮਾਨ ਵੱਲੋਂ ਸਪੋਰਟਸ ਯੂਨੀਵਰਸਿਟੀ ਦੇ VC ਨਾਲ ਖ਼ਾਸ ਮੁਲਾਕਾਤ
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ CM ਭਗਵੰਤ ਸਿੰਘ ਮਾਨ ਨਾਲ ਮੁਲਾਕਾਤ
ਪਟਿਆਲਾ, 11 ਫਰਵਰੀ 2026-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਭਵਿੱਖੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਆਪਕ ਚਰਚਾ ਕੀਤੀ ਗਈ।
ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਅਤੇ ਅਨੁਸ਼ਾਸਿਤ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਡਾ. ਗਿੱਲ ਨੂੰ ਜ਼ਮੀਨੀ ਪੱਧਰ ‘ਤੇ ਢਾਂਚੇ ਨੂੰ ਮਜ਼ਬੂਤ ਕਰਨ, ਸ਼ੁਰੂਆਤੀ ਪੜਾਅ 'ਤੇ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨ ਅਤੇ ਯੋਜਨਾਬੱਧ ਸਿਖਲਾਈ ਅਤੇ ਮਾਰਗਦਰਸ਼ਨ ਨੂੰ ਯਕੀਨੀ ਬਣਾ ਕੇ ਖੇਡਾਂ ਦੇ ਖੇਤਰ ਵਿੱਚ ਵਿਆਪਕ ਤਬਦੀਲੀ ਲਿਆਉਣ ਵਿੱਚ ਅਗਵਾਈ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਖੇਡ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨਾ ਸਿਰਫ਼ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਜ਼ਰੂਰੀ ਹੈ, ਸਗੋਂ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਮਾਜ ਵਿੱਚ ਪ੍ਰਚਲਿਤ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਲਈ ਵੀ ਬੇਹੱਦ ਜ਼ਰੂਰੀ ਹੈ।
ਖੇਡਾਂ ਨੂੰ ਮੁੜ ਸੁਰਜੀਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਆਧੁਨਿਕ ਸਿਖਲਾਈ ਸਹੂਲਤਾਂ ਅਤੇ ਕੋਚਿੰਗ ਦੀਆਂ ਵਿਗਿਆਨਕ ਵਿਧੀਆਂ ਨੂੰ ਵਿਕਸਤ ਕਰਨ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣਾਉਣ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉੱਤਮ ਖਿਡਾਰੀ ਪੈਦਾ ਕਰਨ ਦੇ ਸਮਰੱਥ ਹੈ।
ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਦਾ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੁਸ਼ਟੀ ਕੀਤੀ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੇ ਸਨਮਾਨ ਅਤੇ ਚੁਣੌਤੀ ਵਜੋਂ ਸਵੀਕਾਰ ਕਰਦੇ ਹਨ। ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਨਾਲ ਪੂਰੀ ਤਰ੍ਹਾਂ ਤਾਲਮੇਲ ਬਣਾਈ ਰੱਖਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਖੇਡਾਂ ਨੂੰ ਨਵੀਂਆਂ ਬੁਲੰਦੀਆਂ ‘ਤੇ ਪਹੁੰਚਾਉਣ ਸਬੰਧੀ ਵਚਨਬੱਧਤਾਵਾਂ ਅਤੇ ਸਾਂਝੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਵਾਈਸ ਚਾਂਸਲਰ ਨੇ ਸੂਬੇ ਵਿੱਚ ਇੱਕ ਜੀਵੰਤ, ਸਮਾਵੇਸ਼ੀ ਅਤੇ ਪ੍ਰਦਰਸ਼ਨ ਅਧਾਰਤ ਖੇਡ ਸੱਭਿਆਚਾਰ ਦੀ ਸਿਰਜਣਾ ਲਈ ਭਾਈਵਾਲਾਂ, ਕੋਚਾਂ, ਸੰਸਥਾਵਾਂ ਅਤੇ ਖੇਡ ਭਾਈਚਾਰੇ ਨਾਲ ਮਿਲ ਕੇ ਕੰਮ ਕਰਨ ਦੇ ਆਪਣੇ ਦ੍ਰਿੜ ਸੰਕਲਪ ਨੂੰ ਉਜਾਗਰ ਕੀਤਾ। ਇਹ ਮੀਟਿੰਗ ਪੰਜਾਬ ਦੇ ਖੇਡ ਦ੍ਰਿਸ਼ਟੀਕੋਣ ਵਿੱਚ ਵਿਕਾਸ ਅਤੇ ਪ੍ਰਾਪਤੀਆਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੇ ਸਾਂਝੇ ਸੰਕਲਪ ਨਾਲ ਸਮਾਪਤ ਹੋਈ।