ਪ੍ਰੀਖਿਆ ਕੇਂਦਰਾਂ ਅਤੇ ਹਸਪਤਾਲਾਂ ਨੇੜੇ ਡੀ.ਜੇ. ਵਜਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ
- ਡਿਪਟੀ ਕਮਿਸ਼ਨਰ ਵਲੋਂ ਸਖ਼ਤ ਆਦੇਸ਼
- ਕਿਹਾ, ਡੀ.ਜੇ. ਦਾ ਸਮਾਨ ਹੋਵੇਗਾ ਜ਼ਬਤ ਅਤੇ ਪ੍ਰਬੰਧਕਾਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
- ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਦੀ ਵੀ ਕੀਤੀ ਸਖ਼ਤ ਹਦਾਇਤ
ਜਲੰਧਰ, 19 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਅਤੇ ਮਰੀਜ਼ਾਂ ਲਈ ਸ਼ਾਂਤਮਈ ਮਾਹੌਲ ਯਕੀਨੀ ਬਣਾਉਣ ਲਈ ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਨੇੜੇ ਡੀ.ਜੇ. ਨਾ ਵਜਾਉਣ ਦੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡੀ.ਜੇ. ਵਜਾਉਣ 'ਤੇ ਜਿੱਥੇ ਸਮਾਨ ਜ਼ਬਤ ਕੀਤਾ ਜਾਵੇਗਾ, ਉੱਥੇ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਦੀ ਵੀ ਸਖ਼ਤ ਹਦਾਇਤ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਲਾਊਡ ਸਪੀਕਰਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਖਾਸ ਕਰਕੇ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਅਸੁਵਿਧਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲਾਂ ਵਿੱਚ ਦਾਖ਼ਲ ਮਰੀਜ਼ਾਂ ਨੂੰ ਵੀ ਬਹੁਤ ਜ਼ਿਆਦਾ ਸ਼ੋਰ ਕਰਕੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਨੂੰ ਪਹਿਲਾਂ ਹੀ ਸਾਈਲੈਂਸ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਡੀ.ਜੇ./ਲਾਊਡ ਸਪੀਕਰਾਂ ਦੀ ਵਰਤੋਂ ਜਨਤਾ ਲਈ ਸਮੱਸਿਆਵਾਂ ਪੈਦਾ ਕਰ ਰਹੀ ਹੈ।
ਡਾ. ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰੀਖਿਆਵਾਂ ਦੇ ਮੱਦੇਨਜ਼ਰ ਅਤੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਸ਼ਾਂਤੀ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਮਾਮਲਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਡੀ.ਜੇ.ਮਾਲਕਾਂ ਨੂੰ ਮੈਰਿਜ ਪੈਲੇਸਾਂ ਵਿੱਚ ਡੀ.ਜੇ. ਦੀ ਆਵਾਜ਼ ਨਿਰਧਾਰਿਤ ਸੀਮਾ ਦੇ ਅੰਦਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਲਈ ਵੀ ਕਿਹਾ।