ਈਟੀਟੀ ਅਧਿਆਪਕ ਯੂਨੀਅਨ ਵੱਲੋਂ ਟੈਟ ਖਿਲਾਫ ਰੋਸ ਮਾਰਚ ਵਿੱਚ ਸ਼ਾਮਿਲ ਹੋਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 19 ਫਰਵਰੀ 2026 :ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨੇ ਅਧਿਆਪਕਾਂ ਲਈ ਸਹੇੜੇ ਅਤੇ ਬੇਲੋੜੇ ਟੈਟ ਖਿਲਾਫ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਢੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਯੂਨੀਅਨ
ਦੇ ਸੂਬਾ ਪ੍ਰਧਾਨ ਸ. ਜਸਵਿੰਦਰ ਸਿੰਘ ਸਿੱਧੂ ਅਤੇ ਬਠਿੰਡਾ ਜਿਲ੍ਹੇ ਦੇ ਪ੍ਰਧਾਨ ਗੁਰਜੀਤ ਸਿੰਘ ਜੱਸੀ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਦੇਸ਼ ਭਰ ਵਿੱਚ ਸਮੁੱਚੇ ਅਧਿਆਪਕ ਵਰਗ ਤੇ ਲਟਕਾਈ ਟੈੱਟ ਨਾਮ ਦੀ ਤਲਵਾਰ ਅਤੇ ਇਸ ਨਾਦਰਸ਼ਾਹੀ ਫੁਰਮਾਨ ਦਾ ਈਟੀਟੀ ਅਧਿਆਪਕ ਯੂਨੀਅਨ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ।ਜਥੇਬੰਦੀ ਵੱਲੋ ਸਮੂਹਿਕ ਤੌਰ ਤੇ ਟੈੱਟ ਦਾ ਬਾਈਕਾਟ ਕੀਤਾ ਗਿਆ ਹੈ।
ਆਗੂਆਂ ਨੇ ਸਪੱਸ਼ਟ ਕੀਤਾ ਕਿ ਟੈੱਟ ਦੇ ਵਿਰੋਧ ਵਿੱਚ ਪੰਜਾਬ ਦੀਆ ਸਮੁੱਚੀਆਂ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਮਾਰਚ ਕਰਨ ਜਾ ਰਹੀਆਂ ਹਨ।ਇਸ ਰੋਸ ਮਾਰਚ ਵਿੱਚ ਈਟੀਟੀ ਅਧਿਆਪਕ ਯੂਨੀਅਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ।ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਅਤੇ ਬਠਿੰਡਾ ਜਿਲ੍ਹੇ ਦੇ ਪ੍ਰਧਾਨ ਗੁਰਜੀਤ ਸਿੰਘ ਜੱਸੀ,ਸੂਬਾ ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਭਗਤਾ,ਨੇ ਸਮੁੱਚੇ ਅਧਿਆਪਕ ਵਰਗ ਨੂੰ ਕਿਹਾ ਕਿ ਅਜਿਹੇ ਨਾਦਰਸ਼ਾਹੀ ਫੁਰਮਾਨਾ ਤੋਂ ਘਬਰਾਉਣ ਦੀ ਜਰੂਰਤ ਨਹੀਂ ਹੈ ਅਤੇ ਸਮੂਹ ਜਥੇਬੰਦੀਆਂ ਇੱਕਜੁੱਟ ਹੋ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ ਲਈ ਲੜਾਈ ਲੜਨਗੀਆਂ। ਉਨ੍ਹਾਂ ਅਧਿਆਪਕਾਂ ਨੂੰ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।