ਪੰਜਾਬ ਵਿੱਚ ਨਸ਼ੇ ਅਤੇ ਅਪਰਾਧ 'ਤੇ ਸਖ਼ਤ ਵਾਰ ਕਰੇਗੀ ਭਾਜਪਾ – CM ਨਾਇਬ ਸੈਣੀ
ਨੌਜਵਾਨਾਂ ਦੀ ਨਵੀਂ ਸੋਚ ਨਾਲ ਸੂਬੇ ਅਤੇ ਦੇਸ਼ ਨੂੰ ਮਿਲੇਗੀ ਨਵੀਂ ਦਿਸ਼ਾ; ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ 'ਤੇ ਸਰਕਾਰ ਦਾ ਫੋਕਸ
ਚੰਡੀਗੜ੍ਹ: 21 ਫਰਵਰੀ 2026
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨਾਂ ਦੀ ਨਵੀਂ ਸੋਚ ਅਤੇ ਸਕਾਰਾਤਮਕ ਊਰਜਾ ਨਾਲ ਸੂਬੇ ਅਤੇ ਦੇਸ਼ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਉੱਥੇ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਵਿੱਚ ਵਧੀ ਹੈ, ਜਿਸ ਦਾ ਮਾੜਾ ਪ੍ਰਭਾਵ ਨੌਜਵਾਨ ਪੀੜ੍ਹੀ 'ਤੇ ਪਿਆ ਹੈ। ਨੌਜਵਾਨਾਂ ਨੂੰ ਨਸ਼ਿਆਂ ਦੀ ਪ੍ਰਵਿਰਤੀ ਤੋਂ ਦੂਰ ਰੱਖਣਾ ਸਮੇਂ ਦੀ ਮੁੱਖ ਮੰਗ ਹੈ ਅਤੇ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ ਲਈ ਹਰਿਆਣਾ ਵਿੱਚ ਸਾਈਕਲੋਥਾਨ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਹਿੱਸਾ ਲੈ ਰਹੇ ਹਨ। ਨਜਾਇਜ਼ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਕੁਰਕ ਕੀਤੀਆਂ ਜਾ ਰਹੀਆਂ ਹਨ। ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਵਧ ਰਹੇ ਅਪਰਾਧਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਕੇ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਯਕੀਨੀ ਬਣਾਉਣਾ ਸਾਡੀ ਪਹਿਲ ਹੋਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ ਅਤੇ ਜਨਤਾ ਨੂੰ ਉਮੀਦ ਮੁਤਾਬਕ ਨਤੀਜੇ ਨਹੀਂ ਮਿਲ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਸ਼ਾਨਦਾਰ ਤਰੱਕੀ ਕੀਤੀ ਹੈ ਅਤੇ ਵਿਸ਼ਵ ਪੱਧਰ 'ਤੇ ਭਾਰਤ ਦਾ ਮਾਣ ਵਧਿਆ ਹੈ। ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਸੜਕਾਂ, ਰਾਸ਼ਟਰੀ ਰਾਜਮਾਰਗਾਂ ਅਤੇ ਕਨੈਕਟੀਵਿਟੀ ਦੇ ਵਿਸਥਾਰ ਨਾਲ ਵਿਕਾਸ ਨੂੰ ਨਵੀਂ ਗਤੀ ਮਿਲੀ ਹੈ।
ਰੁਜ਼ਗਾਰ ਦੇ ਵਿਸ਼ੇ 'ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮੁਦਰਾ ਯੋਜਨਾ, ਸਟਾਰਟਅੱਪ ਇੰਡੀਆ, ਮੇਕ ਇੰਨ ਇੰਡੀਆ ਅਤੇ ਸਟੈਂਡ ਅੱਪ ਇੰਡੀਆ ਵਰਗੀਆਂ ਪਹਿਲਕਦਮੀਆਂ ਨਾਲ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮਿਲੇ ਹਨ। ਹਰਿਆਣਾ ਸਰਕਾਰ ਨੇ ਵੀ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਬਿਨਾਂ ਖ਼ਰਚੀ ਅਤੇ ਬਿਨਾਂ ਪਰਚੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਿਛਲੇ ਇੱਕ ਸਾਲ ਵਿੱਚ ਲਗਭਗ 37,000 ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦਿੱਤਾ ਗਿਆ ਹੈ। ਹਾਲ ਹੀ ਵਿੱਚ 12,500 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਗਈਆਂ ਹਨ, ਜਿਨ੍ਹਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਭਰਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ, ਪੈਰਾਲੰਪਿਕ ਅਤੇ ਏਸ਼ੀਅਨ ਗੇਮਜ਼ ਸਮੇਤ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਦੇਸ਼ ਸਹਿਯੋਗ ਵਿਭਾਗ ਦੀ ਸਥਾਪਨਾ ਕਰਕੇ ਨੌਜਵਾਨਾਂ ਨੂੰ ਸੁਰੱਖਿਅਤ ਅਤੇ ਪਾਰਦਰਸ਼ੀ ਤਰੀਕੇ ਨਾਲ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾ ਕੇ ਸੂਬੇ ਅਤੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਾ ਹੈ।
Click to Follow Babushahi Facebook page →