ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਇੱਕ-ਦੂਜੇ ਨੂੰ ਮਾਰੀਆਂ ਗੋਲੀਆਂ, ਦੋ ਜਵਾਨਾਂ ਦੀ ਮੌਕੇ 'ਤੇ ਮੌਤ
ਰੋਹਿਤ ਗੁਪਤਾ
ਗੁਰਦਾਸਪੁਰ/ਦੋਰਾਂਗਲਾ, 22 ਫਰਵਰੀ 2026 - ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਆਦੀਆਂ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਪੁਲਿਸ ਮੁਲਾਜ਼ਮਾਂ ਨੇ ਆਪਸੀ ਝਗੜੇ ਦੌਰਾਨ ਇੱਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਖ਼ੂਨੀ ਟਕਰਾਅ ਵਿੱਚ ਦੋਵਾਂ ਮੁਲਾਜ਼ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਮੁਲਾਜ਼ਮਾਂ ਦੀ ਪਛਾਣ ਅਸ਼ੋਕ ਕੁਮਾਰ ਅਤੇ ਗੁਰਨਾਮ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਆਦੀਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ, ਜੋ ਇੰਨੀ ਵਧ ਗਈ ਕਿ ਦੋਵਾਂ ਨੇ ਆਪਣੇ ਸਰਕਾਰੀ ਹਥਿਆਰਾਂ ਨਾਲ ਇੱਕ-ਦੂਜੇ 'ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਦੋਵੇਂ ਮੁਲਾਜ਼ਮਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਸੀਨੀਅਰ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦੋਵਾਂ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਦੋਵਾਂ ਮੁਲਾਜ਼ਮਾਂ ਵਿਚਾਲੇ ਅਜਿਹੀ ਕਿਹੜੀ ਗੱਲ ਸੀ ਜਿਸ ਕਾਰਨ ਨੌਬਤ ਗੋਲੀਬਾਰੀ ਤੱਕ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਅਸਲ ਕਾਰਨ ਸਾਹਮਣੇ ਆ ਸਕਣ।
Click to Follow Babushahi Facebook page →