ਜਨਤਕ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਦੇ ਮਲੋਟ ਦਫਤਰ ਅੱਗੇ ਰੋਸ ਧਰਨਾ
ਅਸ਼ੋਕ ਵਰਮਾ
ਮਲੋਟ, 22 ਫ਼ਰਵਰੀ 2026 : ਸੰਯੁਕਤ ਕਿਸਾਨ ਮੋਰਚਾ ਭਾਰਤ ਤੇ ਜਨਤਕ ਜਥੇਬੰਦੀਆਂ ਦੇ ਸੱਦੇ ਤੇ ਆਮ ਆਦਮੀ ਪਾਰਟੀ ਦੀ ਕੈਬਨਿਟ ਮੰਤਰੀ ਬੀਬੀ ਬਲਜੀਤ ਕੌਰ ਮਲੋਟ ਸ਼ਹਿਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਵੱਖ ਵੱਖ ਜਥੇਬੰਦੀਆਂ ਨੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ ਤੇ ਕਾਲ਼ੇ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ । ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਕੇਂ,ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਬਿੱਟੂ ਮਲੋਟ, ਭਾਕਿਯੂ ਏਕਤਾ ਡਕੌਂਦਾ ਦੇ ਗੁਰਦੀਪ ਖੁੱਡੀਆਂ ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਕੌਰ ਦਬੜਾ, ਬਾਜ ਸਿੰਘ ਭੁੱਟੀ ਵਾਲਾ ਸਿੰਘ ਵਾਲਾ, ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੁਖਦੇਵ ਸਿੰਘ ਮਲੋਟ, ਕਿਰਤੀ ਕਿਸਾਨ ਯੂਨੀਅਨ ਕਿਰਤੀ ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਗੁਰਚਰਨ ਸਿੰਘ ਬੁੱਟਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਾਜ ਸਿੰਘ ਭੁੱਟੀ ਵਾਲਾ ਨੇ ਸੰਬੋਧਨ ਕੀਤਾ।
ਆਗੂਆਂ ਨੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਬਿਜਲੀ, ਸਿੱਖਿਆ, ਸੜਕੀ ਆਵਾਜਾਈ, ਸਿਹਤ, ਰੇਲਵੇ, ਰੱਖਿਆ ਅਤੇ ਹਵਾਈ ਖੇਤਰਾਂ ਸਮੇਤ ਸਾਰੇ ਖੇਤਰਾਂ ਵਿੱਚ ਪਬਲਿਕ ਸੈਕਟਰ ਦੇ ਅਦਾਰੇ ਸਥਾਪਿਤ ਕੀਤੇ ਗਏ ਸਨ। ਇਹਨਾਂ ਅਦਾਰਿਆਂ ਰਾਹੀਂ ਦੇਸ਼ ਨੇ ਅਥਾਹ ਤਰੱਕੀ ਕੀਤੀ ਅਤੇ ਲੋਕਾਂ ਨੂੰ ਪੱਕਾ ਰੁਜ਼ਗਾਰ ਮਿਲਣ ਨਾਲ ਆਮ ਬੰਦੇ ਦਾ ਜੀਵਨ ਪੱਧਰ ਉੱਚਾ ਹੋਇਆ। ਪ੍ਰੰਤੂ ਪਿਛਲੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਅਦਾਰਿਆਂ ਨੂੰ ਇੱਕ ਇੱਕ ਕਰਕੇ ਵੇਚਿਆ ਜਾ ਰਿਹਾ ਹੈ। ਅਫਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਅਧੀਨ ਅਪਨਿਵੇਸ਼ ਮੰਤਰਾਲਾ ਬਣਾ ਕੇ ਜਨਤਕ ਜਾਇਦਾਦਾਂ ਵੇਚਣ ਸਬੰਧੀ ਕਾਰਵਾਈ ਵਿੱਚ ਬਹੁਤ ਤੇਜ਼ੀ ਲਿਆਂਦੀ ਗਈ ਹੈ ਅਤੇ ਪੰਜਾਬ ਸਰਕਾਰ ਵੀ ਇਸੇ ਰਸਤੇ ਤੇ ਚੱਲ ਰਹੀ ਹੈ।
ਉਹਨਾਂ ਕਿਹਾ ਕਿ ਇਸ ਨਾਲ ਜਿੱਥੇ ਦੇਸ਼ ਵਿੱਚ ਬੇਰੁਜ਼ਗਾਰੀ ਦਾ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਖੇਤਰਾਂ ਵਿੱਚ ਅਜਾਰੇਦਾਰੀਆਂ ਸਥਾਪਿਤ ਹੋ ਗਈਆਂ ਹਨ। ਬਾਕੀ ਬਚਦੇ ਖੇਤਰਾਂ ਵਿੱਚ ਵੀ ਅਜਾਰੇਦਾਰੀਆਂ ਸਥਾਪਿਤ ਹੋ ਜਾਣ ਦੀਆਂ ਸੰਭਾਵਨਾਵਾਂ ਹਨ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਪ੍ਰਵਾਨ ਕਰਨ ਦੀ ਮੰਗ ਵੀ ਕੀਤੀ ਗਈ। ਧਰਨੇ ਨੂੰ ਨੱਥਾ ਸਿੰਘ ਰਿਟਾਇਰਡ ਪੈਨਸ਼ਨਰ ਉਸੇਸੀਏਸ਼ਨ ਬਿਜਲੀ ਬੋਰਡ ,ਗੁਰਪ੍ਰੀਤ ਸਿੰਘ ਨੱਢਾ ਸੂਬਾ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਬਲਰਾਜ ਸਿੰਘ ਮੱਕੜ ਰਿਟਾਇਰ ਬਿਜਲੀ ਬੋਰਡ ਯੂਨੀਅਨ, ਬਿਕਰ ਸਿੰਘ ਸਾਂਝਾ ਫੋਰਮ, ਗੁਰਚਰਨ ਸਿੰਘ ਢਿੱਲੋ ਪ੍ਰੈਸ ਸਕੱਤਰ ਕਿਰਤੀ ਕਿਸਾਨ ਯੂਨੀਅਨ, ਪ੍ਰੋਫੈਸਰ ਬਲਜੀਤ ਸਿੰਘ , ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਮੇਜਰ ਸਿੰਘ, ਕਰਮਜੀਤ ਕੌਰ, ਮਲਕੀਤ ਸਿੰਘ, ਠੇਕਾ ਮੁਲਾਜ਼ਮ ਜਥੇਬੰਦੀ ਦੇ ਰਮੇਸ਼ ਕੁਮਾਰ, ਗੁਰਪ੍ਰੀਤ ਸਿੰਘ ਨੱਡਾ ਸੂਬਾ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਸੁਖਦੇਵ ਸਿੰਘ ਬੀਕੇਯੂ ਏਕਤਾ ਉਗਰਾਹਾਂ ਨੇ ਵੀ ਸੰਬੋਧਨ ਕੀਤਾ।
Click to Follow Babushahi Facebook page →