ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਭੂਚਾਲ: 'ਆਪ' MLA ਦੀ ਮੈਂਬਰਸ਼ਿਪ 'ਤੇ ਲਟਕੀ ਤਲਵਾਰ
ਚੰਡੀਗੜ੍ਹ: 24 ਫਰਵਰੀ, 2026: ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਵੱਡਾ ਭੂਚਾਲ ਆਇਆ ਹੋਇਆ ਹੈ ਕਿਉਂਕਿ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਗੰਭੀਰ ਕਾਨੂੰਨੀ ਸੰਕਟ ਵਿੱਚ ਫਸ ਗਈ ਹੈ। ਇੱਕ ਨੌਜਵਾਨ ਔਰਤ ਨਾਲ ਕੁੱਟਮਾਰ ਅਤੇ ਛੇੜਛਾੜ ਕਰਨ ਦੇ ਸੰਗੀਨ ਦੋਸ਼ਾਂ ਹੇਠ ਅਦਾਲਤ ਵੱਲੋਂ ਚਾਰ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਬਾਵਜੂਦ ਵਿਧਾਇਕ ਵੱਲੋਂ ਅਸਤੀਫ਼ਾ ਨਾ ਦੇਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਦਹਿਲੀਜ਼ 'ਤੇ ਪਹੁੰਚ ਗਿਆ ਹੈ।
ਵੇਰਵਿਆਂ ਅਨੁਸਾਰ ਤਰਨਤਾਰਨ ਦੀ ਵਧੀਕ ਸੈਸ਼ਨ ਅਦਾਲਤ ਨੇ ਪਿਛਲੇ ਸਾਲ ਵਿਧਾਇਕ ਮਨਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਕਾਨੂੰਨੀ ਨਿਯਮਾਂ ਮੁਤਾਬਕ ਦੋ ਸਾਲ ਤੋਂ ਵੱਧ ਦੀ ਸਜ਼ਾ ਹੋਣ 'ਤੇ ਵਿਧਾਇਕ ਦੀ ਮੈਂਬਰਸ਼ਿਪ ਰੱਦ ਹੋਣੀ ਲਾਜ਼ਮੀ ਹੁੰਦੀ ਹੈ, ਪਰ ਅਦਾਲਤੀ ਫੈਸਲੇ ਨੂੰ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਵਿਧਾਇਕ ਵਿਰੁੱਧ ਕੋਈ ਅਧਿਕਾਰਤ ਕਾਰਵਾਈ ਨਹੀਂ ਕੀਤੀ ਗਈ। ਇਸ ਦੇਰੀ ਨੂੰ ਚੁਣੌਤੀ ਦਿੰਦਿਆਂ ਜਸਵੰਤ ਸਿੰਘ ਨਾਮੀ ਵਿਅਕਤੀ ਨੇ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕਰਕੇ ਵਿਧਾਇਕ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਹਾਈ ਕੋਰਟ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਧਾਇਕ ਮਨਜਿੰਦਰ ਸਿੰਘ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਸਬੰਧੀ ਜਵਾਬ ਤਲਬ ਕੀਤਾ ਹੈ। ਇਸ ਘਟਨਾਕ੍ਰਮ ਨੇ ਸੂਬੇ ਵਿੱਚ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ 'ਤੇ ਆਪਣੇ ਵਿਧਾਇਕ ਨੂੰ ਬਚਾਉਣ ਦੇ ਦੋਸ਼ ਲਗਾਏ ਜਾ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ 30 ਮਾਰਚ ਨੂੰ ਹੋਣ ਵਾਲੀ ਅਗਲੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ, ਜੋ ਕਿ ਵਿਧਾਇਕ ਦੇ ਸਿਆਸੀ ਭਵਿੱਖ ਦਾ ਫੈਸਲਾ ਕਰੇਗੀ।
Click to Follow Babushahi Facebook page →