‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਸਰਾਹਣਯੋਗ ਕਦਮ – ਵਿਜੈ ਦੱਤ
ਰੋਹਿਤ ਗੁਪਤਾ
ਗੁਰਦਾਸਪੁਰ, 24 ਫਰਵਰੀ – ਪੰਜਾਬ ਸਰਕਾਰ ਵੱਲੋਂ ਘੋਸ਼ਿਤ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।
ਮੈਂਬਰ ਵਿਜੈ ਦੱਤ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ।
ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਯੋਜਨਾ ਦੀ ਲਾਗੂਅਮਲ ਪ੍ਰਕਿਰਿਆ ‘ਤੇ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ, ਸਟੋਰੇਜ ਅਤੇ ਵੰਡ ਦੌਰਾਨ ਮਿਆਰੀ ਨਿਯਮਾਂ ਦੀ ਪਾਲਣਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਮਿਸ਼ਨ ਇਸ ਬਾਰੇ ਸੰਬੰਧਿਤ ਵਿਭਾਗਾਂ ਨਾਲ ਸਮਨਵਯ ਕਰੇਗਾ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਨਾਲ ਸੂਬੇ ਵਿੱਚ ਖੁਰਾਕ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਯੋਗ ਪਰਿਵਾਰਾਂ ਨੂੰ ਪੋਸ਼ਣਯੁਕਤ ਖੁਰਾਕ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਰਾਜ ਖੁਰਾਕ ਕਮਿਸ਼ਨ ਹਮੇਸ਼ਾਂ ਦੀ ਤਰ੍ਹਾਂ ਲੋਕਾਂ ਦੇ ਖੁਰਾਕ ਸੰਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ।
Click to Follow Babushahi Facebook page →