ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ-ਰਵਿੰਦਰ ਸਿੰਘ ਬ੍ਰਹਮਪੁਰਾ,ਗੁਰਸੇਵਕ ਸਿੰਘ ਸ਼ੇਖ਼
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,26 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਮਾਝੇ ਦੇ ਜਰਨੈਲ ਮੰਨੇ ਜਾਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਸਮੂਹ ਬ੍ਰਹਮਪੁਰਾ ਪਰਿਵਾਰ ਵੱਲੋਂ 28 ਫ਼ਰਵਰੀ ਦਿਨ ਸ਼ਨੀਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ, ਹਲਕਾ ਖਡੂਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਸਪੁੱਤਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਇਸ ਮੌਕੇ ‘ਤੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ,ਜਿਸ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਹਾਜ਼ਰੀ ਭਰਨਗੀਆਂ।ਬ੍ਰਹਮਪੁਰਾ ਤੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ਼ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇੱਕ ਬੇਦਾਗ,ਨਿਰਭੀਕ ਅਤੇ ਅਡੋਲ ਸ਼ਖਸ਼ੀਅਤ ਸਨ,ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬ,ਪੰਥ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੀ।ਉਹ ਮਾਝੇ ਦੀ ਸਿਆਸਤ ਵਿੱਚ ਇਕ ਮਜ਼ਬੂਤ ਸਤੰਭ ਸਨ ਅਤੇ ਹਮੇਸ਼ਾਂ ਸਿਧਾਂਤਕ ਰਾਜਨੀਤੀ ਦੇ ਹਾਮੀ ਰਹੇ।ਜਥੇਦਾਰ ਬ੍ਰਹਮਪੁਰਾ ਕਈ ਵਾਰ ਵਿਧਾਇਕ ਰਹੇ ਅਤੇ ਖਡੂਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਇਲਾਕੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ।ਉਹ ਪੰਜਾਬ ਸਰਕਾਰ ਵਿੱਚ ਦੋ ਵਾਰ ਕੈਬਿਨੇਟ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ।ਇਸ ਤੋਂ ਇਲਾਵਾ ਉਹ ਲੋਕ ਸਭਾ ਦੇ ਮੈਂਬਰ ਵਜੋਂ ਵੀ ਦੇਸ਼ ਦੀ ਸੰਸਦ ਵਿੱਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬਣੇ। ਲੋਕਾਂ ਨਾਲ ਸਿੱਧੀ ਗੱਲਬਾਤ ਅਤੇ ਸਾਦਗੀਪੂਰਨ ਜੀਵਨ ਸ਼ੈਲੀ ਕਰਕੇ ਉਹ ਹਰ ਵਰਗ ਵਿੱਚ ਲੋਕਪ੍ਰਿਯ ਸਨ।ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਸਾਹਿਬ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ, ਪਰ ਉਹਨਾਂ ਦੇ ਦੱਸੇ ਰਸਤੇ ‘ਤੇ ਚੱਲ ਕੇ ਹੀ ਅਸਲੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।ਉਹਨਾਂ ਨੇ ਸਮੂਹ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ਼ ਤੋਂ ਇਲਾਵਾ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਹਿਬਾਨ ਮੌਜੂਦ ਸਨ।
Click to Follow Babushahi Facebook page →