ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਨਜਾਇਜ਼ ਪਿਸਟਲ ਅਤੇ ਜਿੰਦਾ ਕਾਰਤੂਸਾਂ ਸਮੇਤ ਇੱਕ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 28 ਫਰਵਰੀ 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇੱਕ ਵਿਅਕਤੀ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ। ਪੁਲਿਸ ਨੇ ਦੋਸ਼ੀ ਕੋਲੋਂ ਇੱਕ ਦੇਸੀ ਪਿਸਟਲ ਅਤੇ ਦੋ ਜਿੰਦਾ ਰੌਂਦ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਸਵੱਪਨ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਇੰਸਪੈਕਟਰ ਨਵਦੀਪ ਸਿੰਘ (ਇੰਚਾਰਜ ਕ੍ਰਾਈਮ ਬ੍ਰਾਂਚ) ਦੀ ਟੀਮ ਵੱਲੋਂ ਸ਼ਹਿਰ ਵਿੱਚ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਸੀ।
ਚੈਕਿੰਗ ਦੌਰਾਨ ASI ਅਮਰੀਕ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਨਜਾਇਜ਼ ਹਥਿਆਰ ਨਾਲ ਲੈਸ ਹੋ ਕੇ ਸੁਰਜੀਤ ਕਲੋਨੀ ਦੇ ਇੱਕ ਖਾਲੀ ਪਲਾਟ ਵਿੱਚ ਮੌਜੂਦ ਹੈ। ਪੁਲਿਸ ਨੇ ਬਿਨਾਂ ਦੇਰੀ ਕੀਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।ਥਾਣਾ ਜਮਾਲਪੁਰ ਵਿਖੇ ਦੋਸ਼ੀ ਖ਼ਿਲਾਫ਼ ਅਸਲਾ ਐਕਟ (ਧਾਰਾ 25, 54, 59) ਤਹਿਤ FIR ਨੰਬਰ 46 ਦਰਜ ਕੀਤੀ ਗਈ ਹੈ। ਪੁਲਿਸ ਮੁਤਾਬਕ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਜਲੰਧਰ ਕਮਿਸ਼ਨਰੇਟ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਨਜਾਇਜ਼ ਅਸਲਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦਾ ਇਸਤੇਮਾਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਤਾਂ ਨਹੀਂ ਸੀ ਕੀਤਾ ਜਾਣਾ।
Click to Follow Babushahi Facebook page →