ਖੇਤ ਮਜ਼ਦੂਰ ਆਗੂਆਂ ਵੱਲੋਂ ਗੁਰਦਾਸਪੁਰ ਚ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ , 1 ਮਾਰਚ 2026: ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆ ਦੇ ਨੌਜਵਾਨ ਰਣਜੀਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲੇ ਵਿੱਚ ਕਤਲ ਕਰਨ ਤੋਂ ਇਲਾਵਾ ਆਏ ਦਿਨ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਨੱਥ ਪਾਉਣ ਦੇ ਨਾਂ ਥੱਲੇ ਪੁਲਿਸ ਵੱਲੋਂ ਨੌਜਵਾਨਾਂ ਦੀਆਂ ਲੱਤਾਂ ਚ ਗੋਲੀਆਂ ਮਾਰਨ ਦੀਆਂ ਘਟਨਾਵਾਂ ਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਖਤ ਨਿਖੇਧੀ ਕਰਦਿਆਂ ਇਹਨਾਂ ਮੁਕਾਬਲਿਆਂ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਯੂਨੀਅਨ ਦੇ ਸੂਬਾ ਜਨ ਸਕੱਤਰ ਲਛਮਣ ਸਿੰਘ ਸੇਵੇਵਾਲਾ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਪ੍ਰੈਸ ਬਿਆਨ ਰਾਹੀਂ ਆਖਿਆ ਕਿ ਜਮਹੂਰੀ ਸਮਾਜ ਅੰਦਰ ਇਨਸਾਫ਼ ਦਾ ਤਕਾਜ਼ਾ ਮੰਗ ਕਰਦਾ ਹੈ ਕਿ ਕਿਸੇ ਦੋਸ਼ੀ ਨੂੰ ਅਦਾਲਤੀ ਪ੍ਰਕਿਰਿਆ ਤੇ ਜਮਹੂਰੀ ਢੰਗ ਰਾਹੀਂ ਦੋਸ਼ੀ ਸਾਬਤ ਕਰਨ ਅਤੇ ਦੋਸ਼ਾਂ ਦੇ ਘੇਰੇ ਵਿੱਚ ਲਿਆਂਦੇ ਵਿਅਕਤੀ ਨੂੰ ਆਪਣੇ ਆਪ ਨੂੰ ਨਿਰਦੋਸ਼ ਸਿੱਧ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ।
ਉਹਨਾਂ ਕਿਹਾ ਕਿ ਇਸ ਦੇ ਉਲਟ ਪੰਜਾਬ ਸਰਕਾਰ ਦੇ ਹੁਕਮਾਂ ਤੇ ਪੁਲਿਸ ਸਭਨਾ ਕਾਨੂੰਨੀ ਤੇ ਜਮਹੂਰੀ ਪ੍ਰਕਿਰਿਆਵਾਂ ਨੂੰ ਛਿੱਕੇ ਟੰਗ ਕੇ ਜੱਜ ਤੇ ਜਲਾਦ ਵਾਲੇ ਸਾਰੇ ਅਖਤਿਆਰ ਵਰਤ ਰਹੀ ਹੈ । ਉਹਨਾਂ ਆਖਿਆ ਕਿ ਪੰਜਾਬ ਸਰਕਾਰ ਝੂਠੇ ਪੁਲਿਸ ਮੁਕਾਬਲਿਆਂ ਤੋਂ ਇਲਾਵਾ , ਹੱਕ ਮੰਗਦੇ ਮਜ਼ਦੂਰਾਂ ,ਕਿਸਾਨਾਂ, ਬੇਰੁਜ਼ਗਾਰਾਂ , ਮੁਲਾਜ਼ਮਾ , ਠੇਕਾ ਕਾਮਿਆਂ ਦੇ ਵੀ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ ਅਤੇ ਉਹਨਾਂ ਦੇ ਸੰਘਰਸ਼ ਕਰਨ ਦੇ ਹੱਕ ਨੂੰ ਅਥਰੂ ਗੈਸ ਦੇ ਗੋਲਿਆਂ ਤੇ ਡਾਂਗਾਂ ਅਤੇ ਜੇਲੀਂ ਡੱਕਣ ਦੇ ਜੋਰ ਦਬਾਅ ਰਹੀ ਹੈ ਉਨ੍ਹਾਂ ਕਿਹਾ ਕਿ ਜਮਹੂਰੀ ਹੱਕਾਂ ਦੇ ਘਾਣ ਦੀ ਤਾਜ਼ਾ ਉਦਾਹਰਣ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਚ ਇਕੱਠੇ ਹੋਏ ਕਿਸਾਨਾਂ ਉਤੇ ਅੰਨ੍ਹਾ ਜਬਰ ਢਾਹੁਣ ਦੀ ਹੈ। ਖੇਤ ਮਜ਼ਦੂਰ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੰਤਰ ਮੰਤਰ ਤੇ ਆਪ ਪਾਰਟੀ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਦਿੱਲੀ ਪੁਲਿਸ ਵੱਲੋਂ ਰੋਕਣ ਖਿਲਾਫ ਦਿੱਤੇ ਹੋਏ ਬਿਆਨ 'ਤੇ ਟਿੱਪਣੀ ਕਰਦਿਆਂ ਆਖਿਆ ਕਿ ਇਸ ਨਾਲ ਭਗਵੰਤ ਮਾਨ ਸਰਕਾਰ ਦਾ ਦੋਗਲਾ ਚਿਹਰਾ ਹੋਰ ਲੰਗਾਰ ਹੋ ਗਿਆ ਹੈ। ਉਹਨਾਂ ਪੰਜਾਬ ਦੇ ਸਮੂਹ ਇਨਸਾਫ ਪਸੰਦ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਝੂਠੇ ਪੁਲਿਸ ਮੁਕਾਬਲਿਆਂ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਦੇ ਦਮਨ ਖਿਲਾਫ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ।
Click to Follow Babushahi Facebook page →