ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 1 ਮਾਰਚ 2026: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਐਤਵਾਰ ਨੂੰ ਇੱਕ ਵਾਰ ਫਿਰ ਸ਼ਹਿਰ ਦੇ ਦੌਰੇ ’ਤੇ ਪਹੁੰਚੇ। ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਸੁਖ–ਦੁੱਖ ਵਿੱਚ ਸ਼ਮੂਲੀਅਤ ਕੀਤੀ ਅਤੇ ਕਈ ਥਾਵਾਂ ’ਤੇ ਨੁੱਕੜ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰਾਂ ’ਤੇ ਤਿੱਖਾ ਹਮਲਾ ਬੋਲਿਆ। ਪੰਜਾਬ ਦੀ ਮੌਜੂਦਾ ਹਾਲਤ ਬਾਰੇ ਗੱਲ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਸੂਬੇ ਨੂੰ ਹਰ ਪੱਖੋਂ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਦੇ ਰਾਜ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਵਿੱਚ ਜਨਤਾ ਤੋਂ ਦੂਰ ਰਹੇ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਥੋੜ੍ਹੇ ਸਮੇਂ ਲਈ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ’ਤੇ ਵੀ ਉਨ੍ਹਾਂ ਨੇ ਗੰਭੀਰ ਦੋਸ਼ ਲਗਾਏ। ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਬਦਲਾਅ ਤੇ ਇਨਕਲਾਬ ਦੇ ਨਾਂ ’ਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਗੜ੍ਹ ਬਣਾ ਦਿੱਤਾ ਗਿਆ ਹੈ, ਜਿਸ ਨਾਲ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਅਕਾਲੀ ਸਰਕਾਰ ਦੇ ਸਮੇਂ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਸਪੱਸ਼ਟ ਨਜ਼ਰ ਆਉਂਦੀ ਸੀ ਅਤੇ ਅਖ਼ਬਾਰਾਂ ਦੀਆਂ ਸੁਰਖੀਆਂ ਵੀ ਵਿਕਾਸ ਕਾਰਜਾਂ ਨਾਲ ਭਰੀਆਂ ਹੁੰਦੀਆਂ ਸਨ, ਪਰ ਅੱਜਕੱਲ੍ਹ ਕਤਲਾਂ, ਨਸ਼ੇ ਅਤੇ ਓਵਰਡੋਜ਼ ਨਾਲ ਮੌਤਾਂ ਦੀਆਂ ਖ਼ਬਰਾਂ ਆਮ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਆਪ-ਮੰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਝੂਠੇ ਵਾਅਦਿਆਂ ਦੇ ਝਾਂਸੇ ਵਿੱਚ ਆ ਕੇ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦੀ ਸੱਤਾ ਦਿੱਲੀ ਦੇ ਹੱਥਾਂ ਵਿੱਚ ਸਿਮਟ ਕੇ ਰਹਿ ਗਈ ਹੈ ਅਤੇ ਮੁੱਖ ਮੰਤਰੀ ਖੁਦਮੁਖ਼ਤਿਆਰ ਫ਼ੈਸਲੇ ਲੈਣ ਜੋਗੇ ਨਹੀਂ ਰਹੇ।
ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਦੇ ਬਜਟਾਂ ਵਿੱਚ ਪੰਜਾਬ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਕਾਸ ਦੀ ਨਵੀਂ ਦਿਸ਼ਾ ਤੈਅ ਕੀਤੀ ਜਾਵੇ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸੈਕਟਰੀ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਜਲਦੀ ਹੀ ਮੁੜ ਬਠਿੰਡਾ ਸ਼ਹਿਰ ਦਾ ਦੌਰਾ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਹਾਜ਼ਰ ਸਨ।
Click to Follow Babushahi Facebook page →