ਫਿਰੋਜ਼ਪੁਰ 'ਚ ਦੂਸ਼ਿਤ ਪਾਣੀ ਪੀਣ ਨਾਲ ਮਾਸੂਮ ਬੱਚੀ ਦੀ ਮੌਤ: ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ
ਫਿਰੋਜ਼ਪੁਰ/ਚੰਡੀਗੜ੍ਹ, 02 ਮਾਰਚ: ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਟਰ ਵਰਕਸ ਦਾ ਗੰਦਾ ਪਾਣੀ ਪੀਣ ਕਾਰਨ ਇੱਕ 13 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ 37 ਦੇ ਕਰੀਬ ਬੱਚੇ ਗੰਭੀਰ ਬਿਮਾਰ ਹੋ ਗਏ ਹਨ। ਇਸ ਘਟਨਾ ਨੇ ਸੂਬੇ ਦੇ ਸਿਹਤ ਅਤੇ ਜਲ ਸਪਲਾਈ ਪ੍ਰਬੰਧਾਂ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚੀ ਸਹਿਜ ਕੌਰ ਪੁੱਤਰੀ ਮਨਜੀਤ ਸਿੰਘ ਦੀ ਮੌਤ ਲਈ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ। ਬਾਦਲ ਨੇ ਦੋਸ਼ ਲਾਇਆ ਕਿ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤਾਂ ਕਰ ਰਹੀ ਹੈ, ਪਰ ਹਕੀਕਤ ਵਿੱਚ ਪਿੰਡਾਂ ਦੇ ਵਾਟਰ ਵਰਕਸ ਦੀ ਸਫ਼ਾਈ ਤੱਕ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਲੋਕ ਜ਼ਹਿਰੀਲਾ ਪਾਣੀ ਪੀਣ ਲਈ ਮਜ਼ਬੂਰ ਹਨ।
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡਾਂ ਵਿੱਚ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਗਏ ਆਰ.ਓ. (RO) ਪਲਾਂਟਾਂ ਨੂੰ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਫ਼ੋਕੀ ਮਸ਼ਹੂਰੀ 'ਤੇ ਤਾਂ ਕਰੋੜਾਂ ਰੁਪਏ ਬਰਬਾਦ ਕਰ ਰਹੇ ਹਨ, ਪਰ ਪੰਜਾਬੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੇਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਬਾਕੀ ਬੱਚਿਆਂ ਦੀ ਜਲਦ ਤੰਦਰੁਸਤੀ ਲਈ ਅਰਦਾਸ ਕੀਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Click to Follow Babushahi Facebook page →