ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਨੂੰ ਲਾਗੂ ਕੀਤਾ ਜਾਵੇ : ਡੀਸੀ
- ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ
- ਸਿਹਤ ਵਿਭਾਗ ਦਾ ਮੁੱਖ ਟੀਚਾ ਸੂਬੇ ਨੂੰ ਭਵਿੱਖ ਵਿੱਚ ਸਰਵੀਕਲ ਕੈਂਸਰ ਮੁਕਤ ਰਾਜ ਬਣਾਉਣਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 05 ਮਾਰਚ 2026
ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਲੜਕੀਆਂ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਟੀਕਾਕਰਨ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਸਮੇਤ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਲੜਕੀਆਂ ਨੂੰ ਸਰਵਾਈਕਲ ਕੈਂਸਰ, ਜਿਸਨੂੰ ‘ਬੱਚੇਦਾਨੀ ਦੇ ਮੂੰਹ’ ਦਾ ਕੈਂਸਰ ਵੀ ਕਿਹਾ ਜਾਂਦਾ ਹੈ, ਤੋਂ ਬਚਾਉਣਾ ਹੈ। ਇਹ ਵੈਕਸੀਨ 14 ਸਾਲ ਦੀਆਂ ਉਨ੍ਹਾਂ ਲੜਕੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਆਉਣਾ ਹੈ। ਸ. ਗੁਲਪ੍ਰੀਤ ਸਿੰਘ ਔਲਖ ਨੇ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਹਦਾਇਤ ਕੀਤੀ ਤਾਂ ਜੋ ਇਸ ਉਮਰ ਵਰਗ ਦੀਆਂ 100 ਫੀਸਦ ਲੜਕੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਇਹ ਟੀਕਕਰਣ ਜ਼ਰੂਰ ਕਰਵਾਉਣ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਉਨ੍ਹਾਂ ਵਿਦਿਆਰਥਣਾਂ ਦੀ ਸਹੀ ਸੂਚੀ ਤਿਆਰ ਕੀਤੀ ਜਾਵੇ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਆਉਣਾ ਹੈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਵੀ ਜ਼ਮੀਨੀ ਪੱਧਰ ’ਤੇ ਸਹਿਯੋਗ ਦੇਣ ਲਈ ਕਿਹਾ ਜਾਵੇ ਤੇ ਐੱਚ.ਪੀ.ਵੀ. ਟੀਕਾਕਰਨ ਦਰ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਅਨਾਊਂਸਮੈਂਟ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਨੂੰ ਸਮੇਂ ਸਿਰ ਨਿਰਧਾਰਿਤ ਟੀਚੇ ਅਨੁਸਾਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਟੀਕਾਕਰਨ ਦੌਰਾਨ ਗੁਣਵੱਤਾ ਅਤੇ ਸੁਰੱਖਿਆ ਮਿਆਰਾਂ ਦੀ ਪੂਰੀ ਪਾਲਣਾ ਕੀਤੀ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਮਾਣਯੋਗ ਡਿਪਟੀ ਕਮਿਸ਼ਨਰ ਜੀ ਨੂੰ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਦਾ ਮੁੱਖ ਟੀਚਾ ਸੂਬੇ ਨੂੰ ਭਵਿੱਖ ਵਿੱਚ ਸਰਵੀਕਲ ਕੈਂਸਰ ਮੁਕਤ ਰਾਜ ਬਣਾਉਣਾ ਹੈ। ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਮਹਿਲਾਵਾਂ ਵਿੱਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੇਂ ਸਿਰ ਕੀਤਾ ਗਿਆ ਟੀਕਾਕਰਨ ਇਸ ਬਿਮਾਰੀ ਤੋਂ ਬਚਾਅ ਵਿੱਚ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਟੀਕਾਕਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਬਹੁਤ ਮਹਿੰਗੀ ਕੀਮਤ ਵਿਚ ਉਪਲੱਬਧ ਹੈ, ਜਦੋਂਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁੱਲ ਮੁਫ਼ਤ ਲੱਗੇਗਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਹਰਪਿੰਦਰ ਸਿੰਘ ਨੇ ਇਕ ਪ੍ਰਭਾਵਸ਼ਾਲੀ ਪ੍ਰੈਜ਼ੈਂਟੇਸ਼ਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀਆਂ ਉਨ੍ਹਾਂ ਲੜਕੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਪਰ 15ਵਾਂ ਅਜੇ ਨਹੀਂ ਆਇਆ। ਡਾ. ਹਰਪਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਰਵੀਕਲ ਕੈਂਸਰ ਐੱਚ.ਪੀ.ਵੀ. ਵਾਇਰਸ ਕਾਰਨ ਹੁੰਦਾ ਹੈ ਅਤੇ ਸਮੇਂ ਸਿਰ ਵੈਕਸੀਨੇਸ਼ਨ ਕਰਵਾ ਕੇ ਇਸ ਤੋਂ ਕਾਫੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ। ਐੱਚ.ਪੀ.ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਇੱਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ, ਜਦਕਿ ਭਾਰਤ ਵਿੱਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ। ਭਾਵੇਂ ਕਿ ਇਹ ਕੈਂਸਰ ਟੀਕਾਕਰਣ ਰਾਹੀਂ ਰੋਕਿਆ ਜਾ ਸਕਦਾ ਹੈ, ਪਰ ਫਿਰ ਵੀ ਇਹ ਭਾਰਤ ਵਿੱਚ ਔਰਤਾਂ ਦੀ ਮੌਤ ਦਾ ਇੱਕ ਵੱਡਾ ਕਾਰਨ ਬਣਿਆ ਹੋਇਆ ਹੈ। ਉਨ੍ਹਾਂ ਇਹ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ ‘ਯੂ-ਵਿਨ’ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸਬ ਡਵੀਜ਼ਨ ਹਸਪਤਾਲ ਬਲਾਚੌਰ, ਸੀ.ਐੱਚ.ਸੀ. ਮੁਕੰਦਪੁਰ, ਸੀ.ਐੱਚ.ਸੀ. ਸੜੋਆ, ਸੀ.ਐੱਚ.ਸੀ. ਬੰਗਾ, ਸੀ.ਐੱਚ.ਸੀ. ਰਾਹੋਂ, ਪੀ.ਐੱਚ.ਸੀ. ਮੁਜ਼ੱਫਰਪੁਰ, ਪੀ.ਐੱਚ.ਸੀ. ਸੁੱਜੋਂ ਆਦਿ ਵਿੱਚ ਸਥਾਪਤ ਕੀਤੇ ਟੀਕਾਕਰਨ ਸੈਂਟਰਾਂ ਵਿੱਚ ਟੀਕਾਕਰਨ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਮੁਹਿੰਮ ਦੀ ਸਫਲਤਾ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ, ਡਾ ਚਰਨਜੀਤ ਕੁਮਾਰ, ਡਾ ਨੀਨਾ ਸ਼ਾਂਤ, ਡਾ ਜਸਵਿੰਦਰ ਸਿੰਘ, ਡਾ ਸੋਨੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Click to Follow Babushahi Facebook page →