ਜਿਉਂਦ ਜ਼ਬਰ ਖਿਲਾਫ 6 ਮਾਰਚ ਦੇ ਬਠਿੰਡਾ ਮੁਜ਼ਾਹਰੇ ਵਿੱਚ ਪਹੁੰਚਣਗੇ ਹਜ਼ਾਰਾਂ ਲੋਕ - ਉਗਰਾਹਾਂ
ਅਸ਼ੋਕ ਵਰਮਾ
ਬਠਿੰਡਾ,5 ਮਾਰਚ 2026 : ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਦੱਸਿਆ ਕਿ ਜਿਉਂਦ ਜ਼ਬਰ ਦੇ ਖਿਲਾਫ ਚਾਰ ਦਰਜਨ ਦੇ ਕਰੀਬ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਵਿਖੇ ਕੀਤੇ ਰੋਹ ਭਰਪੂਰ ਮੁਜ਼ਾਹਰੇ ਚ ਵੱਡੀ ਗਿਣਤੀ ਔਰਤਾਂ ਸਮੇਤ ਹਜ਼ਾਰਾਂ ਕਿਰਤੀ ਲੋਕ ਸ਼ਮੂਲੀਅਤ ਕਰਨਗੇ। ਉਹਨਾਂ ਦੱਸਿਆ ਕਿ ਇਸ ਪ੍ਰਦਰਸ਼ਨ ਚ ਕਿਸਾਨਾਂ, ਖੇਤ ਮਜ਼ਦੂਰਾਂ,ਸਨਅਤੀ ਕਾਮਿਆਂ , ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ, ਵਿਦਿਆਰਥੀਆਂ, ਤਰਕਸ਼ੀਲਾਂ, ਸਾਹਿਤ ਸੱਭਿਆਚਾਰ ਕਾਮਿਆਂ ਤੋਂ ਇਲਾਵਾ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਸਾਂਝੇ ਰੋਸ ਪ੍ਰਦਰਸ਼ਨ ਨੂੰ ਸਾਬੋਤਾਜ ਕਰਨ ਲਈ ਵੀ ਪੁਲਿਸ ਵੱਲੋਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਘਰਾਂ 'ਚ ਛਾਪੇਮਾਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਆਖਰ ਤਿੱਖੇ ਤੇ ਵਿਸ਼ਾਲ ਲੋਕ ਰੋਹ ਨੂੰ ਭਾਂਪਦਿਆਂ ਸਰਕਾਰ ਨੂੰ ਪਿੱਛੇ ਹਟਣਾ ਪਿਆ ਅਤੇ ਬਠਿੰਡਾ ਪ੍ਰਸ਼ਾਸਨ ਵੱਲੋਂ ਬੀਤੇ ਕੱਲ੍ਹ ਜਥੇਬੰਦੀਆਂ ਨਾਲ਼ ਮੀਟਿੰਗ ਕਰਕੇ ਇਸ ਮੁਜ਼ਾਹਰੇ ਸਬੰਧੀ ਸਹਿਮਤੀ ਦੇਣ ਲਈ ਮਜਬੂਰ ਹੋਣਾ ਪਿਆ। ਉਹਨਾਂ ਦੱਸਿਆ ਕਿ ਮੁਜ਼ਾਹਰੇ ਤੋਂ ਪਹਿਲਾਂ ਹਜ਼ਾਰਾਂ ਕਿਰਤੀ ਲੋਕ ਬਠਿੰਡਾ ਦੇ ਪਾਵਰ ਰੋਡ ਸਥਿਤ ਪੁੱਡਾ ਗਰਾਊਂਡ ਵਿਖੇ ਇਕੱਠੇ ਹੋਣਗੇ ਤੇ ਫਿਰ ਸ਼ਹਿਰ ਦੇ ਅੰਦਰ ਮੁਜ਼ਾਹਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਪ੍ਰਦਰਸ਼ਨ ਦੌਰਾਨ ਜਿਉਂਦ ਵਿਖੇ ਕਿਸਾਨਾਂ ਮਜ਼ਦੂਰਾਂ ਉਤੇ ਜ਼ਬਰ ਕਰਨ ਵਾਲੇੇੇ ਨੇ ਪੁਲਿਸ ਅਧਿਕਾਰੀਆਂ 'ਤੇ ਕੇਸ ਦਰਜ ਕਰਨ, ਸੰਘਰਸ਼ ਕਰਨ ਦੇ ਹੱਕ 'ਤੇ ਮੜ੍ਹੀਆਂ ਰੋਕਾਂ ਹਟਾਉਣ , ਜ਼ਖਮੀਆਂ ਦੇ ਇਲਾਜ ਅਤੇ ਸਰੀਰਕ ਤੇ ਮਾਨਸਿਕ ਪੀੜ ਦੀ ਭਰਪਾਈ ਅਤੇ ਪੰਜਾਬ ਸਰਕਾਰ ਵੱਲੋਂ ਜਨਤਕ ਮੁਆਫ਼ੀ ਤੂੰੰ ਇਲਾਵਾਾ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਜਾਏਗੀ।
ਉਹਨਾਂ ਦੱਸਿਆ ਕਿ ਇਸ ਪ੍ਰਦਰਸ਼ਨ ਦੌਰਾਨ ਪੰਜਾਬ ਅੰਦਰ ਆਏ ਦਿਨ ਬਣਾਏ ਜਾ ਰਹੇ ਝੂਠੇ ਪੁਲਿਸ ਮੁਕਾਬਲਿਆਂ ਖਿਲਾਫ ਵੀ ਅਵਾਜ਼ ਬੁਲੰਦ ਕੀਤੀ ਜਾਵੇਗੀ।
ਇੱਕ ਵੱਖਰੇ ਬਿਆਨ ਰਾਹੀਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਜਿਉਂਦ ਜ਼ਬਰ ਖਿਲਾਫ 6 ਮਾਰਚ ਨੂੰ ਬਠਿੰਡਾ ਵਿਖੇ ਕੀਤੇ ਜਾ ਰਹੇ ਮੁਜ਼ਾਹਰੇ ਵਿੱਚ ਪੰਜਾਬ ਭਰ ਚੋਂ ਵੱਡੀ ਗਿਣਤੀ ਔਰਤਾਂ ਸਮੇਤ ਖੇਤ ਮਜ਼ਦੂਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਇਸ ਮੌਕੇ ਆਮ ਲੋਕਾਂ ਅਤੇ ਇਨਸਾਫ ਪਸੰਦ ਧਿਰਾਂ ਨੂੰ ਇਸ ਰੋਸ ਮੁਜ਼ਾਹਰੇ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।।
Click to Follow Babushahi Facebook page →