ਸਲੱਮ ਬਸਤੀਆਂ ਦੇ ਲੋਕਾਂ ਨੂੰ ਟੀ.ਬੀ ਦੇ ਲੱਛਣ ਅਤੇ ਇਲਾਜ ਬਾਰੇ ਦਿੱਤੀ ਜਾਣਕਾਰੀ
ਅਸ਼ੋਕ ਵਰਮਾ
ਬਠਿੰਡਾ, 6 ਮਾਰਚ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ ਰੋਜੀ ਅਗਰਵਾਲ ਦੀ ਅਗਵਾਈ ਹੇਠ ਬੇਅੰਤ ਨਗਰ ਧੋਬੀਆਣਾ ਬਸਤੀ ਦੇ ਸਲੱਮ ਏਰੀਆ ਵਿੱਚ ਟੀ.ਬੀ. (ਤਪਦਿਕ) ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ । ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਟੀ.ਬੀ. ਬਿਮਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਟੀ.ਬੀ. ਇੱਕ ਸੰਕਰਾਮਕ ਬਿਮਾਰੀ ਹੈ ਜੋ ਮੁੱਖ ਤੌਰ ’ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਹ ਖੰਘ ਜਾਂ ਛੀਕ ਦੇ ਰਾਹੀਂ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲ ਸਕਦੀ ਹੈ। ਜੇ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ ਰਹਿੰਦੀ ਹੈ, ਬੁਖਾਰ ਰਹਿੰਦਾ ਹੈ, ਵਜ਼ਨ ਘਟਦਾ ਹੈ, ਛਾਤੀ ਵਿੱਚ ਦਰਦ ਹੁੰਦਾ ਹੈ ਜਾਂ ਰਾਤ ਨੂੰ ਬਹੁਤ ਪਸੀਨਾ ਆਉਂਦਾ ਹੈ ਤਾਂ ਇਹ ਟੀ.ਬੀ. ਦੇ ਲੱਛਣ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਟੀ.ਬੀ. ਯੂਨਿਟ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।
ਇਸ ਮੌਕੇ ਬੀ.ਈ.ਈ ਹਰਜਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਟੀ.ਬੀ. ਦੀ ਜਾਂਚ ਅਤੇ ਇਲਾਜ ਮੁਫ਼ਤ ਉਪਲਬਧ ਕਰਵਾਇਆ ਜਾਂਦਾ ਹੈ। ਮਰੀਜ਼ਾਂ ਨੂੰ ਪੂਰਾ ਇਲਾਜ ਲੈਣਾ ਬਹੁਤ ਜ਼ਰੂਰੀ ਹੈ ਅਤੇ ਦਵਾਈਆਂ ਵਿਚਕਾਰ ਛੱਡਣ ਨਾਲ ਬਿਮਾਰੀ ਹੋਰ ਗੰਭੀਰ ਹੋ ਸਕਦੀ ਹੈ। ਇਸ ਲਈ ਟੀ.ਬੀ. ਦੇ ਮਰੀਜ਼ਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਪੂਰਾ ਕੋਰਸ ਕਰਨਾ ਚਾਹੀਦਾ ਹੈ।ਇਸ ਦੌਰਾਨ ਲੋਕਾਂ ਨੂੰ ਟੀ.ਬੀ. ਮਰੀਜ਼ਾਂ ਨਾਲ ਭੇਦਭਾਵ ਨਾ ਕਰਨ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ ਗਈ। ਨਾਲ ਹੀ ਲੋਕਾਂ ਨੂੰ ਸਫ਼ਾਈ ਬਣਾਈ ਰੱਖਣ, ਘਰਾਂ ਵਿੱਚ ਹਵਾ ਦੀ ਆਵਾਜਾਈ ਬਣਾਈ ਰੱਖਣ, ਖੰਘਦੇ ਜਾਂ ਛੀਕਦੇ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਨਾਲ ਢੱਕਣ ਅਤੇ ਪੌਸ਼ਟਿਕ ਆਹਾਰ ਲੈਣ ਲਈ ਪ੍ਰੇਰਿਤ ਕੀਤਾ ਗਿਆ।
Click to Follow Babushahi Facebook page →