ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨਾਲ ਮਿਲਾਪ ਨੇ ਸਿੱਖਿਆ ਖੇਤਰ ਲਈ ਨਵਾਂ ਹੌਸਲਾ ਬਖ਼ਸ਼ਿਆ :ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 6 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਨਫਰੰਸ ਹਾਲ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਅਤੇ ਸਟਾਫ਼ ਨਾਲ ਹੋਈ ਇਹ ਮਿਲਣੀ ਬਹੁਤ ਹੀ ਪ੍ਰੇਰਣਾਦਾਇਕ ਅਤੇ ਉਤਸ਼ਾਹ ਭਰਪੂਰ ਰਹੀ ਹੈ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਕੀਤੇ ਗਏ ਸਮਝੌਤਾ ਪੱਤਰ (MoU) ਬਾਰੇ ਅਧਿਆਪਕਾਂ ਵੱਲੋਂ ਦਿੱਤੇ ਗਏ ਹੌਸਲੇਮੰਦ ਸ਼ਬਦ ਅਤੇ ਸਹਿਯੋਗ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਦੀ ਤਰੱਕੀ ਵਿੱਚ ਅਧਿਆਪਕਾਂ ਦੀ ਵਡਮੁੱਲਾ ਯੋਗਦਾਨ ਹੈ ਅਤੇ ਅਧਿਆਪਕਾਂ ਦੀ ਸਹਿਯੋਗੀ ਸੋਚ ਹੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਮਜ਼ਬੂਤ ਨੀਂਹ ਬਣਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਿੱਖ ਕੌਮ ਵਿੱਚ ਉੱਚ ਗੁਣਵੱਤਾ ਵਾਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਅਧਿਆਪਕਾਂ ਦਾ ਉਤਸ਼ਾਹ ਅਤੇ ਸਹਿਯੋਗ ਬੇਹੱਦ ਪ੍ਰੇਰਣਾਦਾਇਕ ਹੈ। ਇਹ ਹੌਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਸਿੱਖਿਆ ਸੰਸਥਾਨਾਂ ਦੇ ਵਿਕਾਸ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਧੇਰੇ ਸਮਰਪਣ ਅਤੇ ਦ੍ਰਿੜਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕਮੇਟੀ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਸੁਧਾਰ ਲਿਆਂਦੇ ਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਉੱਤਮ ਸਿੱਖਿਆ ਦੇ ਨਾਲ ਨਾਲ ਚੰਗੇ ਸੰਸਕਾਰਾਂ ਦੀ ਵੀ ਮਜ਼ਬੂਤ ਨੀਂਹ ਪ੍ਰਦਾਨ ਕੀਤੀ ਜਾ ਸਕੇ।
Click to Follow Babushahi Facebook page →