ਤਰਨਤਾਰਨ ਵਿੱਚ ਪੰਚਾਇਤ ਮੈਂਬਰ ਦੇ ਭਰਾ 'ਤੇ ਚਲਾਈਆਂ ਗੋਲੀਆਂ
ਬਲਜੀਤ ਸਿੰਘ
ਤਰਨਤਾਰਨ/ਪੱਟੀ: 8 ਮਾਰਚ, 2026 : ਤਰਨਤਾਰਨ ਦੇ ਪਿੰਡ ਪਲਾਸੌਰ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨਸ਼ਾ ਤਸਕਰਾਂ ਨੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ। ਨਸ਼ੇ ਦੇ ਕਾਰੋਬਾਰ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਇੱਕ ਪਰਿਵਾਰ 'ਤੇ ਤਸਕਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਪੀੜਤ ਪਰਿਵਾਰ, ਜੋ ਕਿ ਆਮ ਆਦਮੀ ਪਾਰਟੀ ਨਾਲ ਸਬੰਧਤ ਮੌਜੂਦਾ ਪੰਚਾਇਤ ਮੈਂਬਰ ਦਾ ਪਰਿਵਾਰ ਦੱਸਿਆ ਜਾ ਰਿਹਾ ਹੈ, ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪਿੰਡ ਵਿੱਚ ਨਸ਼ਾ ਤਸਕਰ ਸ਼ਰੇਆਮ ਨਸ਼ੇ ਦੀ ਵਿਕਰੀ ਕਰਦੇ ਹਨ। ਜਦੋਂ ਉਨ੍ਹਾਂ ਨੇ ਇਸ ਗੈਰ-ਕਾਨੂੰਨੀ ਕਾਰੋਬਾਰ ਦਾ ਵਿਰੋਧ ਕੀਤਾ, ਤਾਂ ਤਸਕਰਾਂ ਨੇ ਰੰਜਿਸ਼ ਰੱਖਦਿਆਂ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ।
ਹਮਲਾਵਰਾਂ ਨੇ ਪਹਿਲਾਂ ਘਰ ਵਿੱਚ ਵੜ ਕੇ ਭੰਨਤੋੜ ਕੀਤੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਤਸਕਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਵਿੱਚੋਂ ਇੱਕ ਗੋਲੀ ਪੰਚਾਇਤ ਮੈਂਬਰ ਦੇ ਭਰਾ ਨੂੰ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Click to Follow Babushahi Facebook page →