ਕਾਂਗਰਸ ਦੀ ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 17 ਮਾਰਚ 2026 : ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਆਪਣੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਵਧਾਉਣ ਲਈ ਕਰਤਾਰ ਕੰਪਲੈਕਸ ਵਿਖੇ ਇੱਕ ਅਹਿਮ ਅਤੇ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ , ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ, ਬਲਾਕ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਵਰਕਰਾਂ ਦੀ ਭਾਰੀ ਭੀੜ ਕਾਰਨ ਇਹ ਮੀਟਿੰਗ ਰੈਲੀ ਦਾ ਰੂਪ ਧਾਰ ਗਈ, ਜਿਸ ਨਾਲ ਪਾਰਟੀ ਦੇ ਉਤਸ਼ਾਹ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਹੋਇਆ
ਇਸ ਮੌਕੇ ਸਾਬਕਾ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ , ਦੋਵੇਂ ਆਗੂਆਂ ਦਾ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਹਲਕਿਆਂ ਤੋਂ ਆਏ ਵਰਕਰਾਂ ਨੇ ਆਪਣੇ-ਆਪਣੇ ਇਲਾਕਿਆਂ ਦੇ ਮਸਲੇ ਵੀ ਰੱਖੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਸੁਝਾਅ ਦਿੱਤੇ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਨਾਗਰਾ ਅਤੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਪਾਰਟੀ ਦੀ ਛਵੀ ਖਰਾਬ ਕਰਨ ਲਈ ਨਿਰੰਤਰ ਨਕਾਰਾਤਮਕ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਲੋਕ ਇਸ ਸੱਚਾਈ ਨੂੰ ਸਮਝ ਰਹੇ ਹਨ ਅਤੇ ਕਾਂਗਰਸ ਨਾਲ ਖੜ੍ਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜ਼ਮੀਨੀ ਪੱਧਰ ‘ਤੇ ਕਾਂਗਰਸ ਪਾਰਟੀ ਦੀ ਪਕੜ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਨਵੇਂ ਵਰਕਰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਰਾਬਤਾ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ‘ਤੇ ਵੀ ਖਾਸ ਜ਼ੋਰ ਦਿੱਤਾ ਗਿਆ।
ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਰਣਨੀਤੀਆਂ ‘ਤੇ ਵੀ ਵਿਚਾਰ ਕੀਤਾ ਗਿਆ। ਆਗੂਆਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ, ਆਪਸੀ ਮਨਮੁਟਾਅ ਭੁਲਾ ਕੇ ਪਾਰਟੀ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ
ਮੀਟਿੰਗ ਦੇ ਅੰਤ ਵਿੱਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵੱਲੋਂ ਸਾਰੇ ਸੀਨੀਅਰ ਆਗੂਆਂ, ਮਹਿਮਾਨਾਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਕਾਂਗਰਸ ਪਾਰਟੀ ਹੋਰ ਮਜ਼ਬੂਤ ਬਣੇਗੀ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਜਜ਼ਬੇ ਨਾਲ ਪਾਰਟੀ ਲਈ ਕੰਮ ਕਰਦੇ ਰਹਿਣ ਅਤੇ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀ ਸੇਵਾ ਕਰਦੇ ਰਹਿਣ।ਇਸ ਮੀਟਿੰਗ ਵਿੱਚ ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ
Click to Follow Babushahi Facebook page →